ਯੂਨੀਵਰਸਿਟੀ ਵਿਖੇ 'ਤੀਆਂ ਤੀਜ ਦੀਆਂ' ਸਮਾਗਮ ਵਿੱਚ ਲੱਗੀਆਂ ਰੌਣਕਾਂ
ਯੂਨੀਵਰਸਿਟੀ ਵਿਖੇ ‘ਤੀਆਂ ਤੀਜ ਦੀਆਂ’ ਸਮਾਗਮ ਵਿੱਚ ਲੱਗੀਆਂ ਰੌਣਕਾਂ
-ਪੰਜਾਬ ਕੈਬਨਿਟ ਤੋਂ ਚੀਫ਼ ਵ੍ਹਿਪ ਬਲਜਿੰਦਰ ਕੌਰ ਹੋਏ ਸ਼ਾਮਿਲ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ‘ਸਹਿਜ ਗਰੁੱਪ’ ਅਤੇ ‘ਸਰਬ ਸਾਂਝੀ ਸੰਸਥਾ’ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਮਾਗਮ ‘ਤੀਆਂ ਤੀਜ ਦੀਆਂ’ ਕਰਵਾਇਆ ਗਿਆ। ਪੰਜਾਬ ਕੈਬਨਿਟ ਤੋਂ ਚੀਫ਼ ਵ੍ਹਿਪ ਬਲਜਿੰਦਰ ਕੌਰ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਇਸਰ ਮੋਹਾਲੀ ਤੋਂ ਪ੍ਰੋ. ਕਵਿਤਾ ਦੋਰਾਏ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਚੀਫ਼ ਵ੍ਹਿਪ ਬਲਜਿੰਦਰ ਕੌਰ ਨੇ ਜਿੱਥੇ ਗਿੱਧੇ ਦੇ ਪਿੜ ਵਿੱਚ ਸ਼ਿਰਕਤ ਕਰਦਿਆਂ ਨੱਚ ਕੇ ਅਤੇ ਪੀਂਘ ਝੂਟ ਕੇ ਖੁਸ਼ੀਆਂ ਦੇ ਇਸ ਤਿਉਹਾਰ ਨੂੰ ਮਨਾਇਆ ਓਥੇ ਹੀ ਉਨ੍ਹਾਂ ਇਸ ਪ੍ਰੋਗਰਾਮ ਦੇ ਪਹਿਲੇ ਪੜਾਅ ਦੌਰਾਨ ਸੰਬੋਧਨ ਕਰਦਿਆਂ ਯੂਨੀਵਰਸਿਟੀ ਨਾਲ਼ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਬਲਜਿੰਦਰ ਕੌਰ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਵਿਦਿਆਰਥੀ ਰਹੇ ਹਨ। ਉਨ੍ਹਾਂ ਇਸ ਸਮਾਗਮ ਲਈ ਯੂਨੀਵਰਸਿਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਖ਼ਾਸੀਅਤ ਇਹ ਹੈ ਕਿ ਇਸ ਨੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਿਆ ਹੋਇਆ ਹੈ। ਉਨ੍ਹਾਂ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਇਸ ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਸਭਨਾਂ ਨੂੰ ‘ਜੀ ਆਇਆਂ’ ਆਖਦਿਆਂ ਤੀਆਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰੋਗਰਾਮ ਵਿੱਚ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ ਪ੍ਰੋ. ਕੁਲਦੀਪ ਟਿਵਾਣਾ ਨੇ ‘ਤੀਆਂ ਦਾ ਤਿਉਹਾਰ’ ਵਿਸ਼ੇ ਉੱਤੇ ਆਪਣਾ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ। ਉਨ੍ਹਾਂ ਤੀਆਂ ਦੇ ਤਿਉਹਾਰ ਨਾਲ ਸੰਬੰਧਿਤ ਵੱਖ-ਵੱਖ ਰਸਮਾਂ ਦਾ ਸ਼ਾਬਦਿਕ ਰੂਪ ਵਿੱਚ ਦ੍ਰਿਸ਼ ਪੇਸ਼ ਕਰਦਿਆਂ ਤੀਆਂ ਦੇ ਵੱਖ-ਵੱਖ ਪਹਿਲੂਆਂ ਨੂੰ ਪੇਸ਼ ਕੀਤਾ। ਉਹਨਾਂ ਕਿਹਾ ਕਿ ‘ਪੰਜਾਬਣ’ ਨੂੰ ਲੋਕ ਸਾਹਿਤ ਰਾਹੀਂ ਹੀ ਸਮਝਿਆ ਜਾ ਸਕਦਾ ਹੈ।
ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਦਾ ਸਾਂਝਾ ਤਿਉਹਾਰ ਹੈ। ਉਹਨਾਂ ਤੀਆਂ ਦੇ ਤਿਉਹਾਰ ਨਾਲ ਸੰਬੰਧਿਤ ਪੁਰਾਣੀਆਂ ਯਾਦਾਂ ਨੂੰ ਚੇਤੇ ਕਰਦਿਆਂ ਪੰਜਾਬੀ ਸੱਭਿਆਚਾਰ ਦੇ ਵੱਖ-ਵੱਖ ਪੱਖਾਂ ਸੰਬੰਧੀ ਖੋਜ ਉੱਤੇ ਵਿਸ਼ੇਸ਼ ਬਲ ਦਿੱਤਾ।
ਪ੍ਰੋਗਰਾਮ ਦੇ ਪਹਿਲੇ ਪੜਾਅ ਤੋਂ ਬਾਅਦ ਕਲਾ ਭਵਨ ਦੇ ਨੇੜੇ ਖੁੱਲ੍ਹੇ ਮੈਦਾਨ ਵਿੱਚ ‘ਤੀਆਂ ਦਾ ਮੇਲਾ’ ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀ ਔਰਤਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਦੌਰਾਨ ਚੂੜੀਆਂ ਦਾ ਸਟਾਲ, ਖਾਣ-ਪੀਣ ਦੇ ਸਟਾਲ, ਔਰਤਾਂ ਦੇ ਸੂਟਾਂ ਦੇ ਸਟਾਲ ਅਤੇ ਹੋਰ ਸਟਾਲ ਵੀ ਲਗਾਏ ਗਏ। ਇਸ ਦੌਰਾਨ ਵਿਦਿਆਰਥੀਆਂ ਦੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।