ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਜਾਗਰੂਕਤਾ ਪ੍ਰੋਗਰਾਮ

ਦੁਆਰਾ: Punjab Bani ਪ੍ਰਕਾਸ਼ਿਤ :Saturday, 26 August, 2023, 04:15 PM

ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਜਾਗਰੂਕਤਾ ਪ੍ਰੋਗਰਾਮ
ਪਟਿਆਲਾ, 26 ਅਗਸਤ:
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਐਨ.ਐਸ.ਐਸ ਵਿਭਾਗ ਅਤੇ ਈਕੋ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਰਹਿਨੁਮਾਈ ਹੇਠ ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਣ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉਚੇਰੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਲਈ ਅਤੇ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਇਸ ਦੇ ਜ਼ਮੀਨ ਦੀ ਉਪਜਾਊ ਸ਼ਕਤੀ, ਸਿਹਤ ਅਤੇ ਸਾਡੇ ਵਾਤਾਵਰਨ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਨੌਜਵਾਨਾਂ ਨੇ ਪਰਾਲੀ ਦੀ ਵਰਤੋਂ ਕਰਨ ਲਈ ਵੱਖ ਵੱਖ ਵਿਚਾਰ ਪੇਸ਼ ਕੀਤੇ।
ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਐਨ.ਐਸ.ਐਸ. ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਐਨ.ਐਸ.ਐਸ. ਵਿਭਾਗ ਅਤੇ ਈਕੋ ਕਲੱਬ ਹੀ ਅਜਿਹੇ ਕਲੱਬ ਹਨ, ਜੋ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਹਨ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਸਾੜਨ ਦੀ ਰੋਕਥਾਮ ਵਾਲੇ ਪ੍ਰੋਗਰਾਮ ਵਿਚ ਦੱਸੇ ਗਏ ਨੁਕਤਿਆਂ ਨੂੰ ਆਪਣੇ ਮਾਤਾ—ਪਿਤਾ ਅਤੇ ਰਿਸ਼ਤੇਦਾਰਾਂ ਨਾਲ ਵੀ ਸਾਂਝਾ ਕਰਨਗੇ ਤਾਂ ਜੋ ਇਸ ਮੁਹਿੰਮ ਹੋਰ ਹੁੰਗਾਰਾ ਦਿੱਤਾ ਜਾ ਸਕੇ। ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਬਦਲਵੇਂ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਜਸਪ੍ਰੀਤ ਕੌਰ ਨੇ ਫਸਲ ਦੀ ਰਹਿੰਦ ਖੂੰਹਦ ਨੂੰ ਮਲਚਿੰਗ ਮੈਟ ਤਿਆਰ ਕਰਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਵਿਦਿਆਰਥੀਆਂ ਵੱਲੋਂ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸਮਾਗਮ ਨਾਲ ਸਬੰਧਤ ਸਲੋਗਨ ਪੜ੍ਹੇ। ਡਾ. ਜਸਪ੍ਰੀਤ ਕੌਰ, ਡਾ. ਤਰਨਦੀਪ ਕੌਰ (ਈਕੋ ਕਲੱਬ) ਅਤੇ ਡਾ. ਹਰਸਿਮਰਨ ਕੌਰ (ਐਨ.ਐਸ.ਐਸ. ਪ੍ਰੋਗਰਾਮ ਅਫਸਰ) ਨੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਵਨੀਤਾ ਰਾਣੀ, ਡਾ. ਪਰਮਜੀਤ ਕੌਰ, ਡਾ. ਜੋਤੀ ਤੀਰਥਨੀ, ਡਾ. ਰੇਖਾ ਰਾਣੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।