ਜੈਂਡਰ ਅਧਾਰਿਤ ਬਜਟ ਲਿੰਗ ਅਸਮਾਨਤਾ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਬਲਜੀਤ ਕੌਰ
ਜੈਂਡਰ ਅਧਾਰਿਤ ਬਜਟ ਲਿੰਗ ਅਸਮਾਨਤਾ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਬਲਜੀਤ ਕੌਰ
ਜੈਂਡਰ ਬਜਟ ਨੂੰ ਲਾਗੂ ਕਰਨ ਲਈ ਵਿਭਾਗਾਂ ਵਿੱਚ ਮਨੋਨੀਤ ਨੋਡਲ ਅਫਸਰਾਂ ਦੀ ਸਿਖਲਾਈ ਵਰਕਸ਼ਾਪ ਦਾ ਆਯੋਜਨ
ਚੰਡੀਗੜ੍ਹ, 23 ਅਗਸਤ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸ਼ਕਤੀਕਰਨ ਦੀ ਵਚਨਬੱਧਤਾ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਜੈਂਡਰ ਬਜਟ ਨੂੰ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿੱਚ ਮਨੋਨੀਤ ਨੋਡਲ ਅਫਸਰਾਂ ਦੀ ਸਿਖਲਾਈ ਵਰਕਸ਼ਾਪ ਕਰਵਾਈ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਗਿਆ।
ਮੰਤਰੀ ਨੇ ਵਿਭਾਗ ਵੱਲੋਂ ਔਰਤਾਂ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਵਧੇਰੇ ਪ੍ਰਭਾਵਸ਼ਾਲੀ ਅਤੇ ਸੰਚਾਰੂ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਾਸਤੇ ਵੱਖ-ਵੱਖ ਵਿਭਾਗਾਂ ਨੂੰ ਸਹਿਯੋਗ ਦੇ ਨਾਲ ਕੰਮ ਕਰਨ ਲਈ ਕਿਹਾ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਡਰ ਬਜਟ ਤੇ ਅਧਾਰਿਤ ਟ੍ਰੇਨਿੰਗ ਵਰਕਸ਼ਾਪ ਨਾਲ ਇਕ ਵਿਆਪਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਤਾ ਜੋ ਪੰਜਾਬ ਰਾਜ ਵਿਚ ਜੈਂਡਰ ਬਜਟ ਨੂੰ ਲਾਗੂ ਕਰਨ ਲਈ ਵਿਭਾਗੀ ਸਟਾਫ ਨੂੰ ਸੰਵੇਦਨਸ਼ੀਲ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਕੀਤਾ ਜਾਵੇ ਤਾ ਜੋ ਔਰਤਾਂ ਦਾ ਸ਼ਕਤੀਕਰਨ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਕਰਨ ਵਿਚ ਸਹਾਈ ਹੋਵੇਗਾ।