ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ 'ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਪਾਇਆ
ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ ‘ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪਾਇਆ
-ਡਿਪਟੀ ਕਮਿਸ਼ਨਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਦੀ ਵੰਡ ਦਾ ਜਾਇਜ਼ਾ
ਪਟਿਆਲਾ, 1 ਸਤੰਬਰ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਹੜ੍ਹਾਂ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜੰਗੀ ਪੱਧਰ ‘ਤੇ ਵੰਡਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਅੱਜ ਤੱਕ 2675 ਕਿਸਾਨਾਂ ਨੂੰ 5 ਕਰੋੜ 41 ਲੱਖ 88 ਹਜ਼ਾਰ 227 ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ।
ਅੱਜ ਸ਼ਾਮ ਸਮੂਹ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜਾਰੀ ਕਰਨ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜਾ ਦਿੱਤਾ ਜਾ ਰਿਹਾ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀ ਸਬ ਡਵੀਜਨ ਪਟਿਆਲਾ, ਨਾਭਾ, ਸਮਾਣਾ, ਪਾਤੜਾਂ, ਦੂਧਨ ਸਾਧਾਂ ਅਤੇ ਰਾਜਪੁਰਾ ਦੇ 2675 ਕਿਸਾਨਾਂ ਨੂੰ 5 ਏਕੜ ਤੱਕ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਦੋਂਕਿ ਬਾਕੀ ਰਹਿੰਦੇ ਹੋਰ ਕਿਸਾਨਾਂ ਨੂੰ ਵੀ ਆਉਂਦੇ ਦਿਨਾਂ ਵਿੱਚ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਪਾਦਰਸ਼ਤਾ ਨਾਲ ਇਹ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ, ਕਿਉਂਕਿ ਇਸ ਹੜ੍ਹਾਂ ਵਾਲੀ ਸੰਕਟ ਦੀ ਘੜੀ ਵਿੱਚ ਕਿਸਾਨਾਂ ਤੇ ਪੀੜਤ ਲੋਕਾਂ ਦੇ ਨਾਲ ਦੇ ਨਾਲ ਖੜ੍ਹੀ ਹੈ।
ਮੀਟਿੰਗ ਮੌਕੇ ਵੀਡੀਓ ਕਾਨਫਰੰਸਿੰਗ ਜਰੀਏ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਅਤੇ ਤਹਿਸੀਲਦਾਰ ਜੁੜੇ ਹੋਏ ਸਨ।