ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ 'ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ
-ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ
-ਕਿਹਾ ਨਿਰੋਲ ਮੈਰਿਟ ਤੇ ਪਾਰਦਰਸ਼ਤੀ ਤਰੀਕੇ ਨਾਲ ਭਰਤੀ ਮੁਹਿੰਮ ਚਲਾ ਕੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ
ਸਮਾਣਾ, 15 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 36097 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ।
ਅੱਜ ਸਮਾਣਾ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ ਗਏ 17 ਆਂਗਣਵਾੜੀ ਹੈਲਪਰਾਂ ਅਤੇ 8 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਜੌੜਾਮਾਜਰਾ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪਾ ਕੇ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ।
ਕੈਬਨਿਟ ਮੰਤਰੀ ਨੇ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਜ਼ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ। ਸਮਾਗਮ ਦਾ ਪ੍ਰਬੰਧ ਸੀ.ਡੀ.ਪੀ.ਓ ਪਟਿਆਲਾ ਦਿਹਾਤੀ ਸੁਪਰੀਤ ਕੌਰ ਬਾਜਵਾ ਅਤੇ ਸੀ.ਡੀ.ਪੀ.ਓ. ਸਨੌਰ ਅਨੁਰਤਨ ਕੌਰ ਨੇ ਕਰਦਿਆਂ ਨਵ ਨਿਯੁਕਤ ਉਮੀਦਵਾਰਾਂ ਨੂੰ ਉਨ੍ਹਾਂ ਵੱਲੋਂ ਕੀਤੇ ਕੰਮ ਬਾਰੇ ਦੱਸਿਆ।
ਇਸ ਮੌਕੇ ਪੀ.ਏ. ਗੁਰਦੇਵ ਸਿੰਘ ਟਿਵਾਣਾ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਈਆ ਤੇ ਸੁਨੈਨਾ ਮਿੱਤਲ ਆਦਿ ਵੀ ਮੌਜੂਦ ਸਨ।