ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ 4 ਨਵੰਬਰ : ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਪਰ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਹੈ।
ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਸਾਡੀ ਭੂਮਿਕਾ ਸਿਰਫ਼ ਅਖਬਾਰਾਂ ਦੇ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ, ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇੱਕ ਮੰਚ ‘ਤੇ ਇਕੱਠੇ ਹੋਣ ਦੀ ਕੀਤੀ ਅਪੀਲ ‘ਤੇ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ’ਤੇ ਮੇਲ ਨਹੀਂ ਖਾਂਦੀ। ਇਸ ਲਈ ਮੇਰੇ ਵੱਲੋਂ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।