2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਤਿਹਗੜ੍ਹ ਸਾਹਿਬ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸਾਲ 2027 ਵਿੱਚ ‘ਆਪ’ ਦੀ ਸਰਕਾਰ ’ਚ ਪੰਜਾਬ ਦੇ ਵਿਕਾਸ ਦਾ ਸਫ਼ਰ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ, ਮੁਫ਼ਤ ਬਿਜਲੀ, ਸਿਹਤ ਸੰਭਾਲ, ਔਰਤਾਂ ਦੇ ਵਿੱਤੀ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਕੇਂਦਰਿਤ ਨੀਤੀਆਂ ਦੀ ਤੁਲਨਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਦਹਾਕਿਆਂ ਦੇ ਅਣਗੌਲੇਪਣ ਨਾਲ ਕੀਤੀ।
ਪੂਰੇ ਸੂਬੇ ਨੂੰ ਆਪਣਾ ਪਰਿਵਾਰ ਦੱਸਦੇ ਹੋਏ ਬਿਨਾਂ ਕਿਸੇ ਵਿਤਕਰੇ ਦੇ ਸਰਕਾਰੀ ਲਾਭ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਨੇ ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਬਣਾਉਣ ਦਾ ਆਪਣਾ ਸੁਪਨਾ ਵੀ ਸਾਂਝਾ ਕੀਤਾ। ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਸਿਆਸੀ ਨੇਤਾਵਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ “ਗਿਰਗਿਟ” ਕਿਹਾ ਅਤੇ ਪੰਜਾਬੀਆਂ ਨੂੰ ਸਿਆਸੀ ਲਾਹੇ ਲਈ ਵਫ਼ਾਦਾਰੀਆਂ ਬਦਲਣ ਵਾਲੇ ਮੌਕਾਪ੍ਰਸਤਾਂ ਤੋਂ ਸੁਚੇਤ ਕੀਤਾ।
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਕੋਲ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਇੱਛਾ ਸ਼ਕਤੀ ਅਤੇ ਨੀਅਤ, ਦੋਵੇਂ ਹਨ। ਵਿਕਾਸ ਅਤੇ ਜਨਤਕ ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਅਸੀਂ ਪੂਰੇ ਸੂਬੇ ਵਿੱਚ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਲੋਕਾਂ ਦੇ ਪੂਰੇ ਸਹਿਯੋਗ ਨਾਲ ਇਸ ਪ੍ਰਗਤੀ ਨੂੰ ਤੇਜ਼ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ।”
ਪੂਰੇ ਸੂਬੇ ਨੂੰ ਆਪਣਾ ਪਰਿਵਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਸਾਰਾ ਪੰਜਾਬ ਇੱਕ ਪਰਿਵਾਰ ਹੈ। ਸਾਡੀ ਸਰਕਾਰ ਭਲਾਈ ਸਕੀਮਾਂ ਦਾ ਲਾਭ ਦੇਣ ਵਿੱਚ ਕਿਸੇ ਨਾਲ ਕੋਈ ਵਿਤਕਰਾ ਨਹੀਂ ਕਰਦੀ। ਚਾਹੇ ਮੁਫ਼ਤ ਬਿਜਲੀ ਹੋਵੇ, ਸਿਹਤ ਸੰਭਾਲ ਹੋਵੇ, ਔਰਤਾਂ ਲਈ ਵਿੱਤੀ ਸਹਾਇਤਾ ਹੋਵੇ, ਸਿੱਖਿਆ ਹੋਵੇ ਜਾਂ ਰੋਜ਼ਗਾਰ, ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਵਿਅਕਤੀ ਨੂੰ ਸਰਕਾਰੀ ਪਹਿਲਕਦਮੀਆਂ ਦਾ ਲਾਭ ਮਿਲੇ।”
ਫਤਿਹਗੜ੍ਹ ਸਾਹਿਬ ਵਿਖੇ ਆਉਣ ਵਾਲੀ ਸ਼ਹੀਦੀ ਸਭਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਸਾਡੀ ਸਰਕਾਰ ਵਿਆਪਕ ਪ੍ਰਬੰਧ ਕਰੇਗੀ, ਜਿੱਥੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਅਸੀਂ ਯਕੀਨੀ ਬਣਾਵਾਂਗੇ ਕਿ ਸ਼ਹੀਦੀ ਸਭਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਹਰ ਸਾਲ ਵਾਂਗ ਮੈਂ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰਾਂਗਾ।”
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਰਵਾਇਤੀ ਪਾਰਟੀਆਂ ਸਿਆਸੀ ਤੌਰ ‘ਤੇ ਬੇਕਾਰ ਹੋ ਚੁੱਕੀਆਂ ਹਨ ਅਤੇ ਪੰਜਾਬ ਦੇ ਲੋਕਾਂ ਦੁਆਰਾ ਵਾਰ-ਵਾਰ ਨਕਾਰੀਆਂ ਜਾ ਚੁੱਕੀਆਂ ਹਨ। ਦਹਾਕਿਆਂ ਤੱਕ ਇਹ ਸੱਤਾ ਵਿੱਚ ਰਹੀਆਂ ਪਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀਆਂ। ਇਨ੍ਹਾਂ ਦਾ ਇੱਕੋ-ਇੱਕ ਮਕਸਦ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਸਰੋਤਾਂ ਦੀ ਵਰਤੋਂ ਕਰਨਾ ਅਤੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਲੁੱਟਣਾ ਸੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀਆਂ ਹਨ ਕਿਉਂਕਿ ਇਨ੍ਹਾਂ ਦੀਆਂ ਸਰਕਾਰਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। ਇਨ੍ਹਾਂ ਨੂੰ ਪੰਜਾਬੀਆਂ ਦੀ ਭਲਾਈ ਨਾਲੋਂ ਆਪਣੀ ਸਿਆਸੀ ਸੱਤਾ ਦੀ ਵਧੇਰੇ ਚਿੰਤਾ ਸੀ। ਲੋਕ ਇਨ੍ਹਾਂ ਦੇ ਪਿਛੋਕੜ ਨੂੰ ਭੁੱਲੇ ਨਹੀਂ ਹਨ ਅਤੇ ਸਾਲ 2027 ਵਿੱਚ ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ ਜਦੋਂ ਇਹ ਪਾਰਟੀਆਂ ਇੱਕ ਵਾਰ ਫਿਰ ਨਕਾਰ ਦਿੱਤੀਆਂ ਜਾਣਗੀਆਂ।”
ਚੋਣਾਂ ਤੋਂ ਪਹਿਲਾਂ ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਨੇਤਾਵਾਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਸਿਆਸੀ ਦਲ-ਬਦਲੂਆਂ ਨੇ ਇੰਨੀ ਜਲਦੀ ਰੰਗ ਬਦਲ ਕੇ ਗਿਰਗਿਟਾਂ ਨੂੰ ਵੀ ਸ਼ਰਮਸਾਰ ਕਰ ਦਿੱਤਾ ਹੈ। ਅਜਿਹੇ ਨੇਤਾਵਾਂ ਦੀ ਕਿਸੇ ਵਿਚਾਰਧਾਰਾ ਜਾਂ ਜਨਤਕ ਭਲਾਈ ਪ੍ਰਤੀ ਕੋਈ ਵਚਨਬੱਧਤਾ ਨਹੀਂ ਹੁੰਦੀ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸਿਆਸੀ ਸੱਤਾ ਹਾਸਲ ਕਰਨਾ ਅਤੇ ਪੈਸੇ ਦੀ ਭੁੱਖ ਮਿਟਾਉਣਾ ਹੈ। ਪੰਜਾਬ ਦੇ ਲੋਕ ਇਨ੍ਹਾਂ ਦੀ ਮੌਕਾਪ੍ਰਸਤੀ ਨੂੰ ਸਮਝਦੇ ਹਨ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।”
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਅਕਾਲੀ ਨੇਤਾ ਕਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ ਅਤੇ ਹਰਿਆਣਾ ਵਿੱਚ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦੇ ਸਨ, ਉਹ ਅੱਜ ਉਸੇ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹਨ। ਲੋਕ ਉਨ੍ਹਾਂ ਨੇਤਾਵਾਂ ਤੋਂ ਕੀ ਉਮੀਦ ਕਰ ਸਕਦੇ ਹਨ ਜੋ ਸਿਰਫ਼ ਸਿਆਸੀ ਸੱਤਾ ਮੁੜ ਹਾਸਲ ਕਰਨ ਲਈ ਆਪਣੇ ਹੀ ਦਾਅਵਿਆਂ ਨਾਲ ਸਮਝੌਤਾ ਕਰਨ ਲਈ ਤਿਆਰ ਹਨ?”
ਮੁੱਖ ਮੰਤਰੀ ਨੇ ਕਿਹਾ, “ਜੇਕਰ ਅਕਾਲੀ ਦਲ ਅਤੇ ਭਾਜਪਾ ਮੁੜ ਹੱਥ ਮਿਲਾਉਂਦੇ ਹਨ ਤਾਂ ਪੰਜਾਬ ਦੇ ਲੋਕ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ। ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਹੁੰਦਿਆਂ ਸੂਬੇ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਸੀ ਅਤੇ ਉਹ ਪੰਜਾਬ ਦੇ ਹਿੱਤਾਂ ਨਾਲ ਮੁੜ ਸਮਝੌਤਾ ਨਹੀਂ ਹੋਣ ਦੇਣਗੇ।”
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ‘ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ਪੰਜਾਬ ਲਈ ਕਿਸੇ ਸਾਰਥਕ ਏਜੰਡੇ ਤੋਂ ਬਿਨਾਂ ਮਹਿਜ਼ ਇੱਕ ਸਿਆਸੀ ਡਰਾਮਾ ਹੈ। ਕਾਂਗਰਸੀ ਨੇਤਾ ਵੀ ਇਸ ਯਾਤਰਾ ਦਾ ਸਮਰਥਨ ਨਹੀਂ ਕਰ ਰਹੇ ਕਿਉਂਕਿ ਉਹ ਜਾਣਦੇ ਹਨ ਕਿ ਇਸ ਨਾਲ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਿੱਚ ਕੋਈ ਯੋਗਦਾਨ ਨਹੀਂ ਪਵੇਗਾ। ਸਾਬਕਾ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹ ਸਭ ਕੁਝ ਕਰ ਸਕਦੇ ਹਨ, ਪਰ ਉਨ੍ਹਾਂ ਦਾ ਰਿਕਾਰਡ ਬਿਲਕੁਲ ਵੱਖਰੀ ਕਹਾਣੀ ਬਿਆਨ ਕਰਦਾ ਹੈ।”