Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ : ਵਿਧਾਇਕ ਨਰਿੰਦਰ ਕੌਰ ਭਰਾਜ

ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ : ਵਿਧਾਇਕ ਨਰਿੰਦਰ ਕੌਰ ਭਰਾਜ

ਪਟਿਆਲਾ, 13 ਨਵੰਬਰ 2026 : ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬੀਤੇ ਦਿਨੀਂ ਵਾਪਰੇ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟਾਈ ਅਤੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਵੀ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਵਿਧਾਇਕ ਭਰਾਜ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਬਣਦਾ ਮੁਆਵਜ਼ਾ ਛੇਤੀ ਜਾਰੀ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਦੇ ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਭਰਾਜ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਜਾਨਾਂ ਗਈਆਂ ਹਨ। ਮ੍ਰਿਤਕਾਂ ਵਿੱਚ ਪਿੰਡ ਫਤਿਹਗੜ੍ਹ ਛੰਨਾ ਦੀ ਇੱਕ ਮਹਿਲਾ ਸ਼ਾਮਲ ਹੈ, ਜੋ ਆਪਣੇ ਬੱਚੇ ਦੀ ਕੀਮੋਥੈਰੇਪੀ ਕਰਵਾਉਣ ਲਈ ਉਸ ਨੂੰ ਚੰਡੀਗੜ੍ਹ ਲੈ ਕੇ ਜਾ ਰਹੀ ਸੀ। ਬੱਚਾ ਇਸ ਵੇਲੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ ਅਤੇ ਉਸ ਦੀ ਲੱਤ ਦਾ ਆਪ੍ਰੇਸ਼ਨ ਹੋਣਾ ਹੈ। ਮ੍ਰਿਤਕਾਂ ਵਿੱਚ ਪਿੰਡ ਸਾਰੋਂ ਦੇ ਇੱਕ ਬਜ਼ੁਰਗ ਵੀ ਸ਼ਾਮਲ ਹਨ, ਜੋ ਕਿਲੋਮੀਟਰ ਸਕੀਮ ਅਧੀਨ ਬੱਸਾਂ ਚਲਾਉਂਦੇ ਸਨ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ ਧੂਰੀ ਨੇੜਲੇ ਪਿੰਡ ਮਾਨਵਾਲਾ ਦੀਆਂ ਦੋ ਭੈਣਾਂ ਵੀ ਸ਼ਾਮਲ ਹਨ, ਜੋ ਚੰਡੀਗੜ੍ਹ ਵਿੱਚ ਨਿੱਜੀ ਖੇਤਰ ਵਿੱਚ ਨੌਕਰੀ ਕਰਦੀਆਂ ਹਨ। ਇੱਕ ਭੈਣ ਦੀ ਬਾਂਹ ਟੁੱਟ ਗਈ ਹੈ ਅਤੇ ਉਸ ਦਾ ਆਪ੍ਰੇਸ਼ਨ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਣਾ ਹੈ, ਜਦਕਿ ਦੂਜੀ ਭੈਣ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਹੈ। ਹਾਦਸੇ ਵੇਲੇ ਬੱਸ ਵਿੱਚ ਯੂਨੀਵਰਸਿਟੀ ਜਾ ਰਹੇ ਵਿਦਿਆਰਥੀ ਅਤੇ ਹੋਰ ਯਾਤਰੀ ਵੀ ਸਵਾਰ ਸਨ। ਉਨ੍ਹਾਂ ਕਿਹਾ ਕਿ ਕਈ ਜ਼ਖ਼ਮੀ ਇਲਾਜ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਵਿਧਾਇਕ ਭਰਾਜ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੇ ਦੁੱਖ ਦੀ ਘੜੀ ਵਿੱਚ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀ ਜਾ ਰਹੀ ਸਿਆਸੀ ਬਿਆਨਬਾਜ਼ੀ ਨਿੰਦਣਯੋਗ ਹੈ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਇਨ੍ਹਾਂ ਆਗੂਆਂ ਨੇ ਸੰਗਰੂਰ ਜ਼ਿਲ੍ਹੇ ਦੇ ਕਿਹੜੇ ਮੁੱਦੇ ਉਠਾਏ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਇਮਾਰਤ ਦੇ ਰੰਗ-ਰੋਗਨ ਬਾਰੇ ਸਵਾਲ ਉਠਾਉਣ ਵਾਲੇ ਆਗੂਆਂ ਨੂੰ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਸਬੰਧੀ ਦਿਸ਼ਾ-ਨਿਰਦੇਸ਼ ਵੀ ਪੜ੍ਹਨੇ ਚਾਹੀਦੇ ਹਨ। ਉਨ੍ਹਾਂ ਵਿਰੋਧੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਵਾਲ ਢੁੱਕਵੇਂ ਮੰਚਾਂ ’ਤੇ ਉਠਾਉਣ ਅਤੇ ਹਸਪਤਾਲ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਥਿਤੀ ਦਾ ਖ਼ਿਆਲ ਰੱਖਣ।

ਸਿਵਲ ਹਸਪਤਾਲ ਸੰਗਰੂਰ ਵਿੱਚ ਸਿਹਤ ਸੇਵਾਵਾਂ ਦੇ ਵਿਸਥਾਰ ਬਾਰੇ ਵਿਧਾਇਕ ਭਰਾਜ ਨੇ ਦੱਸਿਆ ਕਿ ਓ.ਪੀ.ਡੀ. ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਲਗਭਗ ਦੁੱਗਣੀ ਹੋ ਗਈ ਹੈ। ਹਸਪਤਾਲ ਵਿੱਚ ਪਹਿਲਾਂ ਕਰੀਬ 150 ਕਿਸਮਾਂ ਦੀਆਂ ਦਵਾਈਆਂ ਉਪਲਬਧ ਸਨ ਅਤੇ ਹੁਣ ਇਹ ਗਿਣਤੀ 450 ਤੋਂ 500 ਤੱਕ ਪਹੁੰਚ ਗਈ ਹੈ। ਮਰੀਜ਼ਾਂ ਦੀ ਦੇਖਭਾਲ ਲਈ ਨਵੇਂ ਡਾਕਟਰ ਅਤੇ ਸੱਤ ਸਟਾਫ਼ ਨਰਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਓ.ਪੀ.ਡੀ. ਵਿੱਚ ਮਰੀਜ਼ਾਂ ਦੀ ਵਧੀ ਗਿਣਤੀ ਸਰਕਾਰੀ ਸਿਹਤ ਸੇਵਾਵਾਂ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਐਕਸ-ਰੇ, ਈ.ਸੀ.ਜੀ., ਅਲਟਰਾਸਾਊਂਡ, ਐੱਮ.ਆਰ.ਆਈ. ਅਤੇ ਡਾਇਲਸਿਸ ਲਈ ਨਵੀਆਂ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ। ਸਵਾ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬ (ਆਈ.ਪੀ.ਐੱਚ.ਐੱਲ.) ਪਿਛਲੇ ਚਾਰ ਤੋਂ ਪੰਜ ਮਹੀਨਿਆਂ ਤੋਂ ਸੇਵਾਵਾਂ ਦੇ ਰਹੀ ਹੈ। ਇਸ ਲੈਬ ਵਿੱਚ ਮਰੀਜ਼ਾਂ ਦੇ ਖ਼ੂਨ ਦੀਆਂ ਵੱਖ-ਵੱਖ ਜਾਂਚਾਂ ਮੁਫ਼ਤ ਕੀਤੀਆਂ ਜਾਂਦੀਆਂ ਹਨ। ਇਸੇ ਅਰਸੇ ਦੌਰਾਨ ਚਾਰ ਬਿਸਤਰਿਆਂ ਵਾਲੇ ਆਈ.ਸੀ.ਯੂ. ਨੇ ਵੀ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਹਨ, ਜਦਕਿ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਕਰੀਬ 40 ਫ਼ੀਸਦੀ ਉਸਾਰੀ ਕਾਰਜ ਮੁਕੰਮਲ ਹੋ ਚੁੱਕਾ ਹੈ। ਹਸਪਤਾਲ ਦੀ ਇਮਾਰਤ ਦੇ ਨਵੀਨੀਕਰਨ, ਡਾਕਟਰਾਂ ਦੀ ਰਿਹਾਇਸ਼ ਅਤੇ ਨਰਸਿੰਗ ਸਕੂਲ ਨਾਲ ਸਬੰਧਤ ਕੰਮ ਵੀ ਜਾਰੀ ਹਨ। ਹੋਮੀ ਭਾਬਾ ਕੈਂਸਰ ਹਸਪਤਾਲ ਵਿੱਚ ਵੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਵਿਧਾਇਕ ਭਰਾਜ ਨੇ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਦੂਜੇ ਪੱਧਰ (ਸੈਕੰਡਰੀ) ਦਾ ਹਸਪਤਾਲ ਹੈ, ਜਦਕਿ ਮੈਡੀਕਲ ਕਾਲਜ ਨਾਲ ਜੁੜਿਆ ਰਾਜਿੰਦਰਾ ਹਸਪਤਾਲ ਪਟਿਆਲਾ ਤੀਜੇ ਪੱਧਰ (ਟਰਸ਼ਰੀ) ਦੀਆਂ ਸਿਹਤ ਸੇਵਾਵਾਂ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਮੈਡੀਕਲ ਕਾਲਜ ਦੀ ਉਸਾਰੀ ਦਾ ਟੈਂਡਰ ਸਬੰਧਤ ਕੰਪਨੀ ਨੂੰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਉਸਾਰੀ ਜਲਦੀ ਸ਼ੁਰੂ ਹੋਵੇਗੀ। ਮੈਡੀਕਲ ਕਾਲਜ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਿਵਲ ਹਸਪਤਾਲ ਦੀ ਸਮਰੱਥਾ 200 ਤੋਂ ਵਧਾ ਕੇ 400 ਬਿਸਤਰਿਆਂ ਤੱਕ ਕੀਤੀ ਜਾ ਰਹੀ ਹੈ। ਇਸ ਮੰਤਵ ਲਈ 200 ਵਾਧੂ ਬਿਸਤਰਿਆਂ ਵਾਲੀ ਇਮਾਰਤ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਅਤੇ ਹਸਪਤਾਲ ਦਾ ਵਿਸਥਾਰ ਮੁਕੰਮਲ ਹੋਣ ਨਾਲ ਸੰਗਰੂਰ ਤੇ ਨੇੜਲੇ ਇਲਾਕਿਆਂ ਦੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਉੱਚ ਪੱਧਰੀ ਇਲਾਜ ਦੀਆਂ ਸਹੂਲਤਾਂ ਸੰਗਰੂਰ ਵਿੱਚ ਹੀ ਮਿਲਣਗੀਆਂ।

Advertisement
Advertisement
Advertisement
Advertisement
Scroll to Top