ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ
ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਭਾਖੜਾ ਨਹਿਰ ਦੇ ਕਿਨਾਰਿਆਂ ਨੂੰ ਸੁਰੱਖਿਅਤ ਬਣਾਉਣਾ ਅਤੇ ਪੁਲ ਦੀ ਮੁੜ ਉਸਾਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਜਲ ਸਰੋਤ (ਸਿੰਚਾਈ) ਵਿਭਾਗ ਵੱਲੋਂ ਭਾਖੜਾ ਨਹਿਰ ਵਿੱਚ ਪਾਣੀ ਦਾ ਪੱਧਰ ਘਟਾ ਕੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੁੱਟੇ ਹੋਏ ਪੁਲ ਦਾ ਮਲਬਾ ਅਤੇ ਲੋਹੇ ਦਾ ਢਾਂਚਾ ਤੁਰੰਤ ਹਟਾਇਆ ਜਾਵੇ ਅਤੇ ਸੜਕ ’ਤੇ ਆਵਾਜਾਈ ਬਹਾਲ ਕਰਨ ਲਈ ਪੁਲ ਦੀ ਮੁੜ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਭੇਜੀ ਗਈ। ਪੁਲਿਸ ਵੱਲੋਂ ਆਵਾਜਾਈ ਨੂੰ ਨਿਯੰਤਰਿਤ ਕੀਤਾ ਗਿਆ ਅਤੇ ਹੋਰ ਬਚਾਅ ਟੀਮਾਂ ਵੀ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਨੁਸਾਰ ਨੁਕਸਾਨੇ ਗਏ ਪੁਲ ਵਾਲੀ ਥਾਂ ’ਤੇ ਆਵਾਜਾਈ ਬਹਾਲ ਕਰਨ ਲਈ 60 ਮੀਟਰ ਸਪੈਨ ਵਾਲੇ ਬੇਲੀ ਬ੍ਰਿਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਵਾਜਾਈ ਮੁੜ ਜਲਦੀ ਸ਼ੁਰੂ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਵੱਲੋਂ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਧਾਰਾਤਮਕ ਉਪਾਅ ਸੁਝਾਉਣ ਵਾਸਤੇ ਇੱਕ ਮਾਹਿਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।