ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ‘ਚ ਵਰਤੀਆਂ ਜਾਣ ਵਾਲੀਆਂ ਈਵੀਐਮਜ ਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਜਾਂਚ ਜਾਰੀ
ਪਟਿਆਲਾ, 16 ਨਵੰਬਰ : ਪਟਿਆਲਾ ਦੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐਫਐਲਸੀ) ਜ਼ਿਲ੍ਹਿਆਂ ਵਿੱਚ ਮਿਤੀ 12 ਨਵੰਬਰ ਤੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਲਈ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਆਮ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਇਸ ਮਹੱਤਵਪੂਰਨ ਪ੍ਰਕਿਰਿਆ ਬਾਰੇ ਜਾਣਕਾਰੀ ਮਿਲ ਸਕੇ।