ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
• *ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ *
• ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ
ਚੰਡੀਗੜ੍ਹ, 20 ਸਤੰਬਰ:
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐਮ. ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ।