ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ
-ਕੋਹਲੀ ਨੇ ਵਿਧਾਇਕ ਗੁਰਲਾਲ ਘਨੌਰ ਦੀ ਮੌਜੂਦਗੀ ‘ਚ ਪੂਰੇ ਸ਼ਹਿਰ ਦੇ ਪ੍ਰਬੰਧਾਂ ਦਾ ਲਿਆ ਜਾਇਜਾ
-ਕਿਹਾ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜ ਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਬਹੁਤ ਜਲਦ ਨੇਪਰੇ ਚੜ੍ਹਾਏਗੀ ਭਗਵੰਤ ਸਿੰਘ ਮਾਨ ਸਰਕਾਰ
ਪਟਿਆਲਾ, 19 ਸਤੰਬਰ:
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਗਰ ਨਿਗਮ ਕਮਿਸ਼ਨਰ ਨਾਲ ਮੈਰਾਥਨ ਮੀਟਿੰਗ ਕਰਕੇ ਪਟਿਆਲਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ, ਸੁਚਾਰੂ ਟ੍ਰੈਫਿਕ ਵਿਵਸਥਾ, ਨਸ਼ਿਆਂ ਤੇ ਕਰਾਇਮ ਦੀ ਰੋਕਥਾਮ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੇ ਸ਼ਹਿਰ ਦੇ ਪ੍ਰਬੰਧਾਂ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੁਣ ਮਿਥੇ ਸਮੇਂ ਵਿਚ ਨੇਪਰੇ ਚੜ੍ਹਾਇਆ ਜਾਵੇਗਾ।
ਲੰਮੀ ਚੱਲੀ ਬੈਠਕ ਦੌਰਾਨ ਵਿਧਾਇਕ ਕੋਹਲੀ ਨੇ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਪਟਿਆਲਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਅੱਡੇ ਨੂੰ ਲੋਕਲ ਬੱਸਾਂ ਲਈ ਜਲਦੀ ਚਲਾਉਣ ਲਈ ਕੋਸ਼ਿਸ਼ਾਂ ਜਾਰੀ ਹਨ।
ਵਿਧਾਇਕ ਕੋਹਲੀ ਨੇ ਐਸ.ਐਸ.ਪੀ ਵਰੁਣ ਸ਼ਰਮਾ ਤੋਂ ਜੁਰਮ ਰੋਕਣ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕਰਦਿਆਂ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਨਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜਰਾਇਮ ਪੇਸ਼ਾ ਲੋਕਾਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ।ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਨੀਤੀ ਦਾ ਜਿਕਰ ਕਰਦਿਆਂ ਕੋਹਲੀ ਨੇ ਕਿਹਾ ਕਿ ਨਸ਼ੇ ਦੇ ਵਪਾਰੀਆਂ ਲਈ ਪਟਿਆਲਾ ਵਿੱਚ ਕੋਈ ਥਾਂ ਨਹੀਂ ਹੈ।
ਵਿਧਾਇਕ ਕੋਹਲੀ ਨੇ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨਾਲ ਗੱਲਬਾਤ ‘ਚ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਇਜਾ ਲੈਂਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।ਇਸ ਮੀਟਿੰਗ ਦੌਰਾਨ ਐਸ.ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਡੀ.ਐਸ.ਪੀ ਸੰਜੀਵ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ।