ਕੇਂਦਰੀ ਖੇਤੀਬਾੜੀ ਮੰਤਰੀ ਨੂੰ ਹਰਸਿਮਰਤ ਬਾਦਲ ਨੇ ਸਵਾਮੀਨਾਥਨ ਕਮਿਸ਼ਨ ਅਨੁਸਾਰ MSP ਦੀ ਗਰੰਟੀ ਦੇਣ ਦੀ ਕੀਤੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ
ਚੰਡੀਗੜ੍ਹ, 18 ਜੂਨ 2023: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫੀਸਦੀ ਮੁਨਾਫੇ ਅਨੁਸਾਰ ਐਸ ਐਮ ਪੀ ਦੀ ਗਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਨੇ ਆਪਣਾ ਅੰਦੋਲਨ ਖਤਮ ਕੀਤਾ ਸੀ, ਉਸ ਵੇਲੇ ਉਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ।
ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਵੇਲੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਦਾ ਐਲਾਨ ਕੀਤਾ ਗਿਆ ਤੇ ਉਸ ਮਗਰੋਂ ਕਿਸਾਨਾਂ ਨੇ ਦਿੱਲੀ ਦਾ ਰਸਤਾ ਖੋਲ੍ਹਦਿਆਂ ਅੰਦੋਲਨ ਖਤਮ ਕੀਤਾ ਤਾਂ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪਿਛਲੇ 18 ਮਹੀਨਿਆਂ ਤੋਂ ਹੁਣ ਤੱਕ ਪੂਰੇ ਨਹੀਂ ਕੀਤੇ ਗਏ।
ਉਹਨਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀਕਿ ਉਹ ’ਅੰਨਦਾਤਾ’ ਨਾਲ ਕੀਤੇ ਵਾਅਦੇ ਪੂਰੇ ਕਰਨ। ਉਹਨਾਂ ਕਿਹਾ ਕਿ ਐਮ ਐਸ ਪੀ ਦੀ ਗਰੰਟੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਅਤੇ ਇਸ ਵਾਸਤੇ ਸਰਕਾਰ ਐਮ ਐਸ ਪੀ ਬਾਰੇ ਬਣਾਈ ਕਮੇਟੀ ਦੇ ਨਿਯਮਾਂ ਤੇ ਉਦੇਸ਼ਾਂ ਵਿਚ ਸੋਧ ਕਰਦਿਆਂ ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਸ਼ਾਮਲ ਕਰੇ। ਉਹਨਾਂ ਕਿਹਾ ਕਿ ਕਮੇਟੀ ਦੇ ਨਿਯਮ ਤੇ ਮੰਤਵ ਸਰਕਾਰ ਦੇ ਕੀਤੇ ਵਾਅਦੇ ਅਨੁਸਾਰ ਐਮ ਐਸ ਪੀ ਦੀ ਗਰੰਟੀ ਲਾਗੂ ਕਰਨਾ ਹੋਣਾ ਚਾਹੀਦਾ ਹੈ।