21 ਜੂਨ ਨੂੰ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ
ਪਟਿਆਲਾ, 20 ਜੂਨ:
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਦੱਸਿਆ ਕਿ ਨੌਵਾਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਪੀਆਂ ਗਈ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।
ਮੀਟਿੰਗ ‘ਚ ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਲਾਲ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਵਨੀਤਾ, ਜ਼ਿਲ੍ਹਾ ਖੇਤ ਅਫ਼ਸਰ ਸਾਸ਼ਵਤ ਰਾਜ਼ਦਾਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।