ਐਸ. ਡੀ. ਐਮ ਵਿਕਾਸ ਹੀਰਾ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਕੀਤਾ ਹੋਰ ਤੇਜ਼
ਐਸ. ਡੀ. ਐਮ ਵਿਕਾਸ ਹੀਰਾ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਕੀਤਾ ਹੋਰ ਤੇਜ਼
ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ
ਸ਼ੇਰਪੁਰ/ ਧੂਰੀ/ ਸੰਗਰੂਰ, 12 ਨਵੰਬਰ : ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਪਣਾਉਣ ਅਤੇ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਵੀ ਐਸ. ਡੀ. ਐਮ. ਵਿਕਾਸ ਹੀਰਾ ਨੇ ਧੂਰੀ ਤੇ ਸ਼ੇਰਪੁਰ ਬਲਾਕਾਂ ਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ । ਉਹਨਾਂ ਦੱਸਿਆ ਕਿ ਇਸ ਦੌਰਾਨ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਝੋਨੇ ਦੀ ਨਾੜ ਮਿੱਟੀ ਵਿੱਚ ਹੀ ਰਲਾਉਣ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ । ਐਸ. ਡੀ. ਐਮ. ਵਿਕਾਸ ਹੀਰਾ ਨੇ ਸ਼ੇਰਪੁਰ ਸੋਢੀਆ, ਘਨੌਰੀ ਕਲਾਂ, ਕਾਤਰੋਂ, ਮੀਮਸਾ ਸਮੇਤ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਾਜ਼ਮੀ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਵਿੱਚ ਸਭ ਨੂੰ ਯੋਗਦਾਨ ਪਾਣਾ ਚਾਹੀਦਾ ਹੈ ਤਾਂ ਜੋ ਚੌਗਿਰਦੇ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ।