ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਥਾਪਿਤ ਹੋਵੇਗਾ ਐਲ. ਪੀ. ਜੀ. ਗੈਸ ਪ੍ਰੋਜੈਕਟ

ਦੁਆਰਾ: Punjab Bani ਪ੍ਰਕਾਸ਼ਿਤ :Monday, 02 December, 2024, 05:27 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਥਾਪਿਤ ਹੋਵੇਗਾ ਐਲ. ਪੀ. ਜੀ. ਗੈਸ ਪ੍ਰੋਜੈਕਟ
ਸ਼ੋ੍ਰਮਣੀ ਕਮੇਟੀ ਪ੍ਰਧਾਨ ਕਰਨਗੇ ਉਦਘਾਟਨ, ਪ੍ਰਬੰਧਕਾਂ ਲਿਆ ਕਾਰਜਾਂ ਦਾ ਜਾਇਜ਼ਾ
ਪਟਿਆਲਾ 2 ਦਸੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਲ. ਪੀ. ਜੀ. ਗੈਸ ਪ੍ਰੋਜੈਕਟ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਅਤੇ ਪ੍ਰਬੰਧਕਾਂ ਨੇ ਉਦਘਾਟਨ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ । ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਲੰਗਰ ਅਤੇ ਕੜਾਹ ਪ੍ਰਸ਼ਾਦ ਕਾਊਂਟਰਾਂ ਲਈ ਐਲ.ਪੀ.ਜੀ. ਗੈਸ ਪਾਈਪ ਲਾਈਨ ਪ੍ਰੋਜੈਕਟ ਸਥਾਪਿਤ ਕੀਤਾ ਜਾ ਰਿਹਾ ਤਾਂ ਜੋ ਸੰਗਤਾਂ ਲਈ ਲੰਗਰ ਪ੍ਰਬੰਧ ਨੂੰ ਹੋਰ ਵੀ ਸੁਚਾਰੂ ਬਣਾਇਆ ਜਾ ਸਕੇ ।
ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਦੂਰ ਦੁਰਾਡੇ ਤੋਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਲੰਗਰ ਨਿਰਵਿਘਨ ਚੱਲਦਾ ਰਹਿੰਦਾ ਹੈ। ਗੁਰੂ ਘਰ ਵਿਚ ਪੁੱਜਦੀਆਂ ਸੰਗਤਾਂ ਦੀ ਮੰਗ ਸੀ ਕਿ ਲੰਗਰ ਪ੍ਰਬੰਧ ਨੂੰ ਹੋਰ ਵੀ ਵਧੇਰੇ ਸੁਚਾਰੂ ਬਣਾਉਣ ਲਈ ਗੁਰੂ ਘਰ ਵਿਚ ਚੱਲਦੀਆਂ ਲੰਗਰ ਭੱਠੀਆਂ ਤੋਂ ਇਲਾਵਾ ਆਧੁਨਿਕ ਐਲ. ਪੀ. ਜੀ. ਗੈਸ ਪ੍ਰੋਜੈਕਟ ਲੱਗਣਾ ਚਾਹੀਦਾ ਹੈ ਅਤੇ ਇਸ ਸਬੰਧ ਵਿਚ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸ ਇਹ ਮੰਗ ਧਿਆਨ ਵਿਚ ਲਿਆਂਦੀ ਤਾਂ ਉਨ੍ਹਾਂ ਨੇ ਤੁਰੰਤ ਦੀ ਇਸ ਤੁਰੰਤ ਪ੍ਰਵਾਨਗੀ ਦਿੱਤੀ, ਜਿਸ ਨੂੰ ਹੁਣ ਮੁਕੰਮਲ ਕਰ ਲਿਆ ਗਿਆ ਹੈ । ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਗੁਰੂ ਘਰ ਵਿਚ ਇਮਾਰਤਸਾਜ਼ੀ ਤੋਂ ਇਲਾਵਾ ਸਰਾਵਾਂ ਦੇ ਕੰਮ ਨਿਰੰਤਰ ਚੱਲ ਰਹੇ ਹਨ, ਜੋ ਜਲਦ ਮੁਕੰਮਲ ਕਰ ਲਏ ਜਾਣਗੇ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਗੈਸ ਪਾਈਨ ਲਾਈਨ ਪ੍ਰੋਜੈਕਟ ਦਾ ਉਦਘਾਟਨ 6 ਦਸੰਬਰ ਨੂੰ ਆਪਣੇ ਕਰ ਕਮਲਾਂ ਨਾਲ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰੂ ਘਰ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਉਲੀਕੇ ਗਏ ਧਾਰਮਕ ਸਮਾਗਮਾਂ ਤੋਂ ਇਲਾਵਾ ਕਾਰਜ ਮੁਕੰਮਲ ਕੀਤੇ ਜਾ ਰਹੇ ਹਨ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਭਾਈ ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਹਾਜ਼ਰ ਸਨ ।