ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਵਾਬ ਦਾਇਰ ਕਰਨ ਲਈ ਦਿੱਤਾ ਦੋ ਹਫ਼ਤਿਆਂ ਦਾ ਸਮਾਂ
ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਵਾਬ ਦਾਇਰ ਕਰਨ ਲਈ ਦਿੱਤਾ ਦੋ ਹਫ਼ਤਿਆਂ ਦਾ ਸਮਾਂ
ਚੰਡੀਗੜ੍ਹ : ਪੰਜਾਬ ’ਚ ਮੁੜ ਚੋਣ ਅਖਾੜਾ ਗਰਮਾਉਣ ਵਾਲਾ ਹੈ। ਦਰਅਸਲ ਪੰਚਾਇਤੀ ਚੋਣਾਂ ਮਗਰੋਂ ਹੁਣ ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ । ਇਸੇ ਦੇ ਚੱਲਦੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ । ਸੁਣਵਾਈ ਦੌਰਾਨ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਇਸ ਸਬੰਧੀ ਜਵਾਬ ਦਾਖਿਲ ਕਰਨ ਦੇ ਹੁਕਮ ਵੀ ਦਿੱਤੇ।ਹਾਈਕੋਰਟ ਦੀ ਸਖਤੀ ਮਗਰੋਂ ਦੁਪਹਿਰ ਬਾਅਦ ਪੰਜਾਬ ਚੋਣ ਕਮਿਸ਼ਨਰ ਕੋਰਟ ’ਚ ਪੇਸ਼ ਹੋਏ । ਇਸ ਦੌਰਾਨ ਉਨ੍ਹਾਂ ਨੇ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਆਖੀ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਦੋ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ ।
ਦੱਸਣਯੋਗ ਹੈ ਕਿ ਪਹਿਲਾਂ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਝਾੜ ਪਾਉਂਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਪੰਜਾਬ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਦਾ ਉਨ੍ਹਾਂ ਨੇ ਜਵਾਬ ਦਾਖਿਲ ਕਰਨ ਦੇ ਲਈ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ’ਚ ਤਲਬ ਕੀਤਾ। ਦੁਪਹਿਰਾ ਬਾਅਦ ਰਾਜ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਵੋਟਰ ਸੂਚੀ 7 ਦਸੰਬਰ ਤੱਕ ਤਿਆਰ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਚੋਣਾਂ ਸਬੰਧੀ ਸ਼ੈਡਿਯੂਲ ਜਾਰੀ ਕਰ ਦਿੱਤਾ ਜਾਵੇਗਾ। ਹਾਈਕੋਰਟ ਨੇ ਇਸ ਜਵਾਬ ਮਗਰੋਂ ਚੋਣ ਕਮਿਸ਼ਨ ਨੂੰ ਸਮਾਂ ਦਿੰਦੇ ਹੋਏ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਕਰ ਦੋ ਹਫਤਿਆਂ ਦੇ ਅੰਦਰ ਕਾਰਵਾਈ ਨਹੀਂ ਕੀਤੀ ਗਈ ਤਾਂ ਸਖਤ ਹੁਕਮ ਜਾਰੀ ਕੀਤੇ ਜਾਣਗੇ।ਜਿਕਰਯੋਗ ਹੈ ਕਿ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਲਈ ਚੋਣਾਂ ਹੋਣੀਆਂ ਹਨ। 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੀ ਚੋਣਾਂ ਦੀ ਉਡੀਕ ਕਰ ਰਹੀਆਂ ਹਨ। ਕੁਝ ਨਗਰ ਪਾਲਿਕਾਵਾਂ ਪਿਛਲੇ ਚਾਰ ਸਾਲਾਂ ਤੋਂ ਚੋਣਾਂ ਦੀ ਉਡੀਕ ਕਰ ਰਹੀਆਂ ਹਨ ।