ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ
ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ –
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸਥਿਤ ਸ਼ਿਵ ਕੁਟੀ ਮੰਦਿਰ ਵਿਖੇ ਆਯੋਜਿਤ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਹਮਾਇਤੀ ਸੋਚ ਦਾ ਪ੍ਰਤੱਖ ਸਬੂਤ ਹੈ ਕਿ ਪੂਰੇ ਸੂਬੇ ਵਿੱਚ ਰੋਜ਼ਾਨਾ ਦੇ ਆਧਾਰ ਉੱਤੇ ਸੈਂਕੜੇ ਅਜਿਹੇ ਕੈਂਪ ਆਯੋਜਿਤ ਕਰਕੇ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਵਿਖੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਵਾਲਿਆਂ ਵਿਚ ਉਤਸ਼ਾਹ ਹੈ ਅਤੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਲੋਕ ਪੱਖੀ ਅਤੇ ਉਸਾਰੂ ਉਪਰਾਲਾ ਹੈ ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਤਹਿਸੀਲਦਾਰ ਗੁਰਲੀਨ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੋਨੂ ਵਰਮਾ, ਗੁਰਤੇਗ ਸਿੰਘ ਨਿੱਕਾ ਐਮ.ਸੀ., ਚਮਕੌਰ ਹਾਂਡਾ, ਯਾਦਵਿੰਦਰ ਰਾਜਾ ਨਕਟੇ, ਅਸੀਸ ਜੈਨ, ਨਰਿੰਦਰ ਠੇਕੇਦਾਰ, ਗੁਰਪ੍ਰੀਤ ਸਿੰਘ ਕੰਡਾ ਵੀ ਹਾਜ਼ਰ ਸਨ।