ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਸਰਕਾਰ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰੇ : ਪੋ੍ਰ. ਬਡੂੰਗਰ
ਪਟਿਆਲਾ 4 ਮਾਰਚ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਕੇ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰਨ ਦੀ ਮੰਗ ਕੀਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰ ਸਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਆਉਂਦਾ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਹਾਨ ਪਵਿੱਤਰ ਅਸਥਾਨ ਦੁਨੀਆ ਲਈ ਸਦੀਵਕਾਲੀ ਚਾਨਣ ਮੁਨਾਰਾ ਹੈ, ਜਿਥੇ ਹਰ ਰੋਜ਼ ਪ੍ਰਦੇਸ਼, ਦੇਸ਼ ਅਤੇ ਵਿਦੇਸ਼ਾਂ ਤੋਂ ਅਣਗਣਿਤ ਸੰਗਤਾਂ ਗੁਰੂ ਘਰ ਸਿਜਦਾ ਕਰਦੀਆਂ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਏਨਾ ਸੜਕਾਂ ’ਤੇ ਆਉਂਦੇ ਜਾਂਦੇ ਰਹਿੰਦੇ ਹਨ, ਜਿਨ੍ਹਾਂ ਵਿਚ ਲਾਂਡਰਾਂ, ਮੋਹਾਲੀ, ਮੋਰਿੰਡਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ ਅਤੇ ਪਟਿਆਲਾ ਤੋਂ ਸਰਹਿੰਦ ਤੱਕ ਅਕਸਰ ਵੱਡੇ ਜਾਮ ਲੱਗੇ ਰਹਿੰਦੇ ਹਨ, ਜਿਸ ਦਾ ਮੁੱਖ ਕਾਰਨ ਸੜਕ ਦਾ ਤੰਗ ਹੋਣਾ ਹੈ। ਉਨ੍ਹਾਂ ਕਿਹਾ ਕਿ ਅਕਸਰ ਜਾਮ ਲੱਗਣ ਕਾਰਨ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਆਸ ਪਾਸ ਦੇ ਪਿੰਡਾਂ ਨੂੰ ਇਹ ਮੁੱਖ ਮਾਰਗ ਵਾਲੀ ਸੜਕ ਵੀ ਲੱਗਦੀ ਹੈ, ਜਿਸ ਕਾਰਨ ਸਮੱਸਿਆ ਕਈ ਸਾਲਾਂ ਤੋਂ ਬਣੀ ਹੋਈ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੜਕ ਨੂੰ ਚਹੁੰ ਮਾਰਗ ਬਣਾਉਣ ਦੇ ਕੰਮ ਵੱਲ ਧਿਆਨ ਦੇਵੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਸੰਗਤਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।