ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਚੰਡੀਗੜ੍ਹ, 4 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।