ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 May, 2024, 08:33 PM

ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਕੀਤੇ ਮਹੱਤਵਪੂਰਨ ਕਾਰਜ : ਪ੍ਰੋ. ਬਡੂੰਗਰ
ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ
ਪਟਿਆਲਾ 22 ਮਈ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਉਥੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਧਾਰਮਕ ਸਮਾਗਮ ਵਿਚ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੁਆਰਾ ਰਚਿਤ ਗੁਰਬਾਣੀ ਸਰਵਣ ਕਰਕੇ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛਡੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਸਖਸ਼ੀਅਤਾਂ ਪੁੱਜੀਆਂ ਸਨ।
ਧਾਰਮਕ ਸਮਾਗਮ ਵਿਚ ਸੰਗਤਾਂ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਧਰਮ ਦੇ ਵਿਕਾਸ ਦੇ ਪਰਿਪੇਖ ’ਚ ਜਾਣੂੰ ਕਰਵਾਇਆ ਕਿ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ’ਚੋਂ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ਅਤੇ ਸਮਾਜਕ ਬੁਰਾਈਆਂ ਵਿਚੋਂ ਜਾਤ ਪਾਤ ਊਚ ਨੀਚ ਦੇ ਖਾਤਮੇ ਦੇ ਨਾਲ ਨਾਲ ਜਾਤੀ ਅਧਾਰਤ ਕੁਰੀਤੀਆਂ ਵਿਚ ਸੁਧਾਰ ਕੀਤਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਅੱਜ ਗੋਇੰਦਵਾਲ ਸਾਹਿਬ ਨੂੰ ਸਿੱਖ ਸੱਭਿਆਚਾਰ ਦੇ ਅਹਿਮ ਕੇਂਦਰ ਵਜੋਂ ਜਾਣਿਆ ਜਾਂਦਾ, ਜਿਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਹੁੰਦਾ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬ ਜੀ ਦੀ 17 ਰਾਗਾਂ ਵਿਚ ਰਚਿਤ ਬਾਣੀ ਮਾਨਵਤਾ ਦਾ ਕਲਿਆਣ ਕਰਦੀ ਹੈ ਅੱਜ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪ੍ਰਮਾਤਮਾ ਦੀ ਪ੍ਰਤੀ ਸਮਰਪਿਤ ਦੀ ਭਾਵਨਾ ਅਤੇ ਸੇਵਾ ਦੀ ਮਹੱਤਤਾ ਨੂੰ ਸਮਝਣਾ ਸਮੇਂ ਦੀ ਵੱਡੀ ਲੋੜ ਹੈ। ਧਾਰਮਕ ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਅਤੇ ਸੰਗਤਾਂ ਦਾ ਗੁਰੂ ਘਰ ਪੁੱਜਣ ’ਤੇ ਧੰਨਵਾਦ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਸੰਗਤਾਂ ਸਮੇਤ ਸ਼ਾਮਲ ਸਨ।