ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਗਰਮ ਯਤਨ ਜਾਰੀ - ਜਤਿੰਦਰ ਜੋਰਵਾਲ
ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਗਰਮ ਯਤਨ ਜਾਰੀ – ਜਤਿੰਦਰ ਜੋਰਵਾਲ
ਸਰਕਾਰੀ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਸਾਬਤ ਹੋ ਰਹੇ ਹਨ ਵਰਦਾਨ
ਡਿਪਟੀ ਕਮਿਸ਼ਨਰ ਵੱਲੋਂ ਅਪੀਲ, ਨਸ਼ਾ ਰੋਗੀਆਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੋਕ
ਸੰਗਰੂਰ, 27 ਜੂਨ :
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਿਥੇ ਗਏ ਟੀਚੇ ਨੂੰ ਜਿਲਾ ਸੰਗਰੂਰ ਵਿੱਚ ਸਫਲਤਾ ਨਾਲ ਲਾਗੂ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰ ਘਾਬਦਾਂ ਅਤੇ ਸਿਵਲ ਹਸਪਤਾਲ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਵਰਦਾਨ ਸਾਬਤ ਹੋ ਰਹੇ ਹਨ ਜਿੱਥੇ ਕਿ ਮਾਹਿਰ ਮਨੋ ਵਿਗਿਆਨੀ , ਸਿਹਤ ਮਾਹਿਰ ਅਤੇ ਕਾਉਂਸਲਰ ਆਪਣੀ ਨਿਗਰਾਨੀ ਹੇਠ ਨਸ਼ਾ ਪੀੜਤਾਂ ਦਾ ਢੁਕਵਾਂ ਇਲਾਜ ਕਰਦੇ ਹਨ ਅਤੇ ਉਹਨਾਂ ਨੂੰ ਮੁੜ ਸਮਾਜ ਵਿੱਚ ਇੱਕ ਤੰਦਰੁਸਤ ਵਿਅਕਤੀ ਵਜੋਂ ਜੀਵਨ ਬਤੀਤ ਕਰਨ ਲਈ ਸਮਰੱਥ ਬਣਾਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ, ਸਵੈ ਇੱਛਾ ਨਾਲ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਸਰੀਰਕ ਤੇ ਮਾਨਸਿਕ ਇਲਾਜ ਲਈ ਤਜਰਬੇਕਾਰ ਡਾਕਟਰਾਂ ਦੀ ਪ੍ਰੇਰਨਾ ਸਦਕਾ ਨਸ਼ਾ ਛੱਡਣ ਦਾ ਮਨ ਬਣਾ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਤਿੰਨ ਸਮੇਂ ਦਾ ਮੁਫ਼ਤ ਭੋਜਨ, ਦਵਾਈਆਂ, ਨਿਯਮਤ ਸਿਹਤ ਜਾਂਚ, ਮਨੋਰੰਜਨ ਲਈ ਟੀ.ਵੀ., ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਾਲੀਆਂ ਪੁਸਤਕਾਂ, ਪੂਜਾ ਪਾਠ, ਯੋਗਾ, ਜਿੰਮ, ਖੇਡਾਂ ਆਦਿ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰਨ ਵਿੱਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇ ਕੋਈ ਵੀ ਵਿਅਕਤੀ ਨਸ਼ਿਆਂ ਦੀ ਆਦਤ ਦਾ ਸ਼ਿਕਾਰ ਹੋਵੇ ਤਾਂ ਉਸ ਨੂੰ ਪ੍ਰੇਰਿਤ ਕਰਕੇ ਜ਼ਿਲਾ ਸੰਗਰੂਰ ਵਿੱਚ ਚੱਲ ਰਹੇ 20 ਓਟ ਕਲੀਨਿਕਾਂ ਜਾਂ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਘਾਬਦਾਂ ਕੋਠੀ ਵਿਖੇ ਸਥਾਪਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾ ਕੇ
ਅਨੇਕਾਂ ਨਸ਼ਾ ਰੋਗੀ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਹੋਣ ਦੇ ਸਮਰੱਥ ਬਣ ਚੁੱਕੇ ਹਨ। ਉਹਨਾਂ ਨੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਉਹਨਾਂ ਦੇ ਆਲੇ ਦੁਆਲੇ ਜਾਂ ਪਰਿਵਾਰਾਂ ਜਾਂ ਰਿਸ਼ਤੇਦਾਰਾਂ ਵਿੱਚ ਕੋਈ ਵੀ ਵਿਅਕਤੀ ਗੁੰਮਰਾਹ ਹੋ ਕੇ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਗਿਆ ਹੈ। ਤਾਂ ਉਸ ਦਾ ਇਲਾਜ ਕਰਵਾਉਣ ਵਿੱਚ ਬਿਲਕੁਲ ਵੀ ਸ਼ਰਮ ਜਾਂ ਸੰਕੋਚ ਨਾ ਕੀਤਾ ਜਾਵੇ ਕਿਉਂਕਿ ਨਸ਼ਾ ਰੋਗੀਆਂ ਦਾ ਇਲਾਜ ਸੰਭਵ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਸਰਵੋਤਮ ਇਲਾਜ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬਧ ਹੈ।