ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸਬਜ਼ੀ ਮੰਡੀ 'ਚ ਲਗਾਈ ਜਾਵੇਗੀ ਮਸ਼ੀਨ : ਸਾਕਸ਼ੀ ਸਾਹਨੀ
ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ ‘ਚ ਲਗਾਏ ਬੂਟੇ
-ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ
– ਮੀਟਿੰਗ ‘ਚ ਲਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ ‘ਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ : ਸਾਕਸ਼ੀ ਸਾਹਨੀ
ਪਟਿਆਲਾ, 17 ਮਾਰਚ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਨੌਰੀ ਅੱਡੇ ਦੀ ਸਬਜ਼ੀ ਮੰਡੀ ‘ਚ ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮਸ਼ੀਨ ਲਗਾਏਗਾ ਤਾਂ ਜੋ ਰਹਿੰਦ ਖੂੰਹਦ ਕਾਰਨ ਪੈਦਾ ਹੁੰਦੀ ਸਮੱਸਿਆ ਨੂੰ ਨਜਿੱਠ ਕੇ ਰਹਿੰਦ ਖੂੰਹਦ ਤੋਂ ਖਾਦ ਤਿਆਰ ਕੀਤੀ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਕੂੜਾ ਪ੍ਰਬੰਧਨ ਸਬੰਧੀ ਕੀਤੇ ਉਪਰਲਿਆਂ ਸਬੰਧੀ ਜਾਣਿਆ ਅਤੇ ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮਾਰਕੰਨ ਨੇ ਦੱਸਿਆ ਕਿ ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ ‘ਚ ਨਿਗਮ ਦੇ ਬਾਗਬਾਨੀ ਵਿੰਗ ਨੇ ਬੂਟੇ ਲਗਾਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਕੂੜੇ ਦਾ ਢੇਰ ਬਣੇ ਰਹੇ ਖੇਤਰ ਦੀ ਨੁਹਾਰ ਬਦਲ ਗਈ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਠੋਸ ਕੂੜਾ ਪ੍ਰਬੰਧਨ, ਪਾਣੀ ਦੀ ਬੱਚਤ, ਸਫ਼ਾਈ ਅਤੇ ਆਵਾਜ਼ ਪ੍ਰਦੂਸ਼ਣ ਸਬੰਧੀ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕਰਕੇ ਰਿਪੋਰਟ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਜਮਾਂ ਕਰਵਾਈ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐਕਸੀਅਨ ਨਗਰ ਨਿਗਮ ਜੇ.ਪੀ. ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਐਕਸੀਅਨ ਰੋਹਿਤ ਸਿੰਗਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।