ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਆਪਣੇ ਖੇਤਰ ‘ਚ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਤ ਕਰਵਾਉਣ : ਸਾਕਸ਼ੀ ਸਾਹਨੀ
-ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਕੀਤੀ ਹਦਾਇਤ
ਪਟਿਆਲਾ, 17 ਮਾਰਚ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਰਮੀਆਂ ਦੇ ਮੌਸਮ ‘ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਣੇ ਤੋਂ ਹੀ ਇਸ ਸਬੰਧੀ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ‘ਚ ਚੱਲ ਰਹੇ ਗ਼ੈਰ-ਮਨਜ਼ੂਰ ਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਜਲਦੀ ਤੋਂ ਜਲਦੀ ਨਿਯਮਤ ਕੀਤਾ ਜਾਵੇ ਤੇ ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਦੀ ਜਾਂਚ ਕਰਨਾ ਵੀ ਯਕੀਨੀ ਬਣਾਇਆ ਜਾਵੇ ਕਿ ਤਾਂ ਜੋ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆਂ ਜਾ ਸਕੇ।
ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਜੇਕਰ ਖਰਾਬ ਪਾਣੀ ਕਾਰਨ ਕਿਸੇ ਖੇਤਰ ‘ਚ ਡਾਇਰੀਆਂ ਜਾਂ ਹੋਰ ਬਿਮਾਰੀ ਫੈਲਦੀ ਹੈ ਤਾਂ ਸਬੰਧਤ ਖੇਤਰ ਦਾ ਕਾਰਜ ਸਾਧਕ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣੇ ਤੋਂ ਹੀ ਅਧਿਕਾਰੀ ਇਸ ਸਬੰਧੀ ਕੰਮ ਕਰਨਾ ਸ਼ੁਰੂ ਕਰਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਾਪਰਟੀ ਟੈਕਸ ਕੁਲੈਕਸ਼ਨ, ਬਿਲਡਿੰਗ ਪਲਾਨ, ਵਾਟਰ ਸਪਲਾਈ ਅਤੇ ਸੀਵਰੇਜ, ਡੇਂਗੂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਠੋਸ ਕੂੜਾ ਪ੍ਰਬੰਧਨ, ਵੈਸਟ ਟੂ ਵੈਲਥ ਸਬੰਧੀ ਹੋਏ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਣ ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਨਵੀਂ ਅਣ ਅਧਿਕਾਰਤ ਕਲੋਨੀ ਹੋਦ ਵਿੱਚ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਕਸੀਅਨ ਜੇ.ਪੀ. ਸਿੰਘ ਸਮੇਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਮੌਜੂਦ ਸਨ।