ਮਿਲਾਵਟਖੋਰੀ ਰੋਕਣ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜਤਿੰਦਰ ਜੋਰਵਾਲ
ਮਿਲਾਵਟਖੋਰੀ ਰੋਕਣ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜਤਿੰਦਰ ਜੋਰਵਾਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 8 ਜੁਲਾਈ:ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਕਿ ਆਪਣੇ ਨਿੱਜੀ ਸਵਾਰਥਾਂ ਲਈ ਅਜਿਹੇ ਗੈਰ ਸਮਾਜਿਕ ਅਨਸਰ ਮਿਲਾਵਟਖੋਰੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ ਅਤੇ ਇਨ੍ਹਾਂ ਅਨਸਰਾਂ ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਪੂਰੀ ਚੌਕਸੀ ਰੱਖਦੇ ਹੋਏ ਸਖ਼ਤੀ ਨਾਲ ਰੋਕਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਨਾਲ ਨਾਲ ਬਜ਼ਾਰ ਵਿੱਚ ਵਿਕਣ ਵਾਲੇ ਹਰ ਉਸ ਪਦਾਰਥ ਦੀ ਗੁਣਵੱਤਾ ਦੀ ਸਮੇਂ ਸਮੇਂ ’ਤੇ ਪਰਖ ਕਰਨੀ ਯਕੀਨੀ ਬਣਾਈ ਜਾਵੇ ਜਿਸ ਵਿੱਚ ਮਿਲਾਵਟੀ ਤੱਤ ਹੋਣ ਨਾਲ ਮਨੁੱਖੀ ਸਿਹਤ ’ਤੇ ਖ਼ਤਰਾ ਮੰਡਰਾ ਸਕਦਾ ਹੈ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਚੈਕਿੰਗ ਪ੍ਰਕਿਰਿਆ ਦੌਰਾਨ ਦੁਕਾਨਦਾਰਾਂ, ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦੀ ਖੱਜਲ ਖੁਆਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੈਕਿੰਗ ਦੀ ਪ੍ਰਕਿਰਿਆ ਪਾਰਦਰਸ਼ੀ ਪ੍ਰਣਾਲੀ ਨਾਲ ਅਮਲ ਵਿੱਚ ਲਿਆਂਦੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਬੇਵਜ੍ਹਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਕਿਸੇ ਵੀ ਕਿਸਮ ਦੀ ਉਲੰਘਣਾ ਪਾਏ ਜਾਣ ’ਤੇ ਫੌਰੀ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਸਬੰਧੀ ਅਧਿਕਾਰੀਆਂ ਦੀ ਪ੍ਰਗਤੀ ਦਾ ਨਿਯਮਿਤ ਤੌਰ ’ਤੇ ਜਾਇਜ਼ਾ ਲੈਣਗੇ ਅਤੇ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ, ਡੀ.ਐਸ.ਪੀ ਹਰਬੰਸ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਐਫ.ਐਸ.ਓ ਦਿਵਿਆਜੋਤ ਕੌਰ, ਸਿਹਤ ਅਧਿਕਾਰੀ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ ਤੋਂ ਇਲਾਵਾ ਖੇਤੀਬਾੜੀ, ਉਦਯੋਗ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸੀ.ਡੀ.ਪੀ.ਓ ਆਦਿ ਵੀ ਹਾਜ਼ਰ ਸਨ।