ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ 'ਤੇ ਜ਼ੋਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ
ਚੰਡੀਗੜ੍ਹ, 9 ਜੁਲਾਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ । ਵਿੱਤ ਮੰਤਰੀ ਸ. ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਰਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਅਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਅਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਜੋਰ ਦਿੱਤਾ ਗਿਆ । ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ‘ਤੇ ਧਿਆਨ ਕੇਂਦ੍ਰਤ ਕਰਕੇ ਕਰ ਮਾਲੀਏ ਵਿੱਚ ਵਾਧੇ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ ।
ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿੱਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਅਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਣਾਉਣ। ਇਸ ਵਿਆਪਕ ਸਮੀਖਿਆ ਮੀਟਿੰਗ ਵਿੱਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਅਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ ।