ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼
ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ
• ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ, 3 ਅਪ੍ਰੈਲ:
ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।
ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।
ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।
ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ।
ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ। ਸ੍ਰੀ ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।