ਪੰਜਾਬ ਸਰਕਾਰ ਵਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਵੱਡਾ ਪ੍ਰੋਜੈਕਟ ਤਿਆਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 08:41 AM

ਪੰਜਾਬ ਸਰਕਾਰ ਵਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਵੱਡਾ ਪ੍ਰੋਜੈਕਟ ਤਿਆਰ
ਫ਼ਤਹਿਗੜ੍ਹ ਸਾਹਿਬ : ਪੰਜਾਬ ਦੀ ਪ੍ਰਸਿੱਧ ਸ਼ਹੀਦਾਂ ਦੀ ਧਰਤੀ ਜਿ਼ਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਤਿਆਰ ਕੀਤਾ ਗਿਆ, ਜਿਸ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਚਤ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।ਕੈਬਨਟ ਮੰਤਰੀ ਸੌਂਧ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੇ 80 ਫੀਸਦ ਤੋਂ ਵੱਧ ਉਹਨਾਂ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਜੋ ਕਿ ਆਮ ਆਦਮੀ ਪਾਰਟੀ ਦੀ ਸੋਚ ਵਾਲੇ ਹਨ। ਸ਼੍ਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 05 ਲੱਖ ਰੁਪਏ ਜਾਰੀ ਕੀਤੇ ਜਾਣਗੇ ਤੇ ਸੂਬੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜੀ.ਐਸ.ਟੀ. ਨਾਕੇ ਲੱਗਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਪਾਰੀ ਸਾਡੇ ਸਿਰ ਦਾ ਤਾਜ ਹਨ। ਇਹਨਾਂ ਨਾਕਿਆਂ ਨਾਲ ਸਿਰਫ ਉਹਨਾਂ ਲੋਕਾਂ ਉੱਤੇ ਨਕੇਲ ਕਸੀ ਜਾ ਰਹੀ ਹੈ, ਜਿਹੜੇ ਕਿ ਵਪਾਰ ਦੀ ਆੜ ਵਿੱਚ ਗਲਤ ਕੰਮ ਕਰਦੇ ਹਨ ਅਤੇ ਸੂਬੇ ਦਾ ਨੁਕਸਾਨ ਕਰਦੇ ਹਨ। ਉਹਨਾਂ ਕਿਹਾ ਕਿ ਚੰਗਾ ਵਪਾਰੀ ਕਦੇ ਵੀ ਨਿਯਮਾਂ ਦੇ ਉਲਟ ਜਾ ਕੇ ਮਾੜੇ ਕੰਮਾਂ ਵਿੱਚ ਨਹੀਂ ਪੈਂਦਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।