ਏ. ਡੀ. ਸੀ ਅਮਿਤ ਬੈਂਬੀ ਵੱਲੋਂ ਬਾਜ਼ਾਰਾਂ ਵਿੱਚ ਲੋਕਾਂ ਨੂੰ ਪਰੋਸੇ ਜਾਣ ਵਾਲੇ ਭੋਜਨ ਪਦਾਰਥਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਏ.ਡੀ.ਸੀ ਅਮਿਤ ਬੈਂਬੀ ਵੱਲੋਂ ਬਾਜ਼ਾਰਾਂ ਵਿੱਚ ਲੋਕਾਂ ਨੂੰ ਪਰੋਸੇ ਜਾਣ ਵਾਲੇ ਭੋਜਨ ਪਦਾਰਥਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਜ਼ਿਲ੍ਹਾ ਪੱਧਰੀ ਫੂਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ
ਸੰਗਰੂਰ, 8 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਬਾਜ਼ਾਰਾਂ ਵਿੱਚ ਲੋਕਾਂ ਨੂੰ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਰੇਹੜੀਆਂ ਆਦਿ ਰਾਹੀਂ ਪਰੋਸੇ ਜਾਣ ਵਾਲੇ ਭੋਜਨ ਪਦਾਰਥਾਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ । ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟਖੋਰਾਂ ਖਿਲਾਫ ਸਖਤ ਐਕਸ਼ਨ ਲੈਣ ਦੀ ਹਦਾਇਤ ਕੀਤੀ ਹੈ ਜਿਸ ਦੀ ਇੰਨ ਬਿੰਨ ਪਾਲਣਾ ਕੀਤੀ ਜਾਣੀ ਜਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਹੋਟਲਾਂ, ਰੈਸਟੋਰੈਂਟਾਂ, ਮਿਠਾਈ ਵਿਕਰੇਤਾਵਾਂ ਦੀਆਂ ਰਸੋਈਆਂ ਵਿੱਚ ਕੰਮ ਕਰਨ ਵਾਲੇ ਅਤੇ ਗਲੀ, ਮੁਹੱਲਿਆਂ ਵਿੱਚ ਵੀ ਰੇਹੜੀਆਂ ਰਾਹੀਂ ਫਾਸਟ ਫੂਡ ਵੇਚਣ ਵਾਲਿਆਂ ਨੂੰ ਲੋਕਾਂ ਦੀ ਸਿਹਤ ਸੁਰੱਖਿਆ ਮਾਪਦੰਡਾਂ ਬਾਰੇ ਸੁਚੇਤ ਕੀਤਾ ਜਾਵੇ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਵਾਲਿਆਂ ਖਿਲਾਫ ਵਿਭਾਗੀ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ । ਉਹਨਾਂ ਨੇ ਇਸ ਕਾਰੋਬਾਰ ਨਾਲ ਸੰਬੰਧਿਤ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣਾ ਫੂਡ ਸੇਫ਼ਟੀ ਲਾਇਸੰਸ ਸਮੇਂ ਸਿਰ ਰਿਨਿਊ ਕਰਵਾਉਂਦੇ ਰਹਿਣ ਅਤੇ ਇਸ ਲਾਇਸੰਸ ਨੂੰ ਆਪਣੀਆਂ ਦੁਕਾਨਾਂ, ਹੋਟਲਾਂ ਆਦਿ ਦੇ ਕਾਊਂਟਰ ਉੱਤੇ ਲੋਕਾਂ ਦੀ ਸੂਚਨਾ ਹਿਤ ਲਗਾ ਕੇ ਰੱਖਿਆ ਜਾਵੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ https://foscos.fssai.gov.in/apply-for-lic-and-reg ਨਾਮ ਦੀ ਵੈਬਸਾਈਟ ਉੱਤੇ ਅਜਿਹਾ ਫੂਡ ਸੇਫਟੀ ਲਾਇਸੰਸ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਸੁਵਿਧਾ ਦਾ ਸਬੰਧਤ ਦੁਕਾਨਦਾਰਾਂ ਹੋਟਲ ਮਾਲਕਾਂ ਆਦਿ ਨੂੰ ਲਾਭ ਲੈਣਾ ਚਾਹੀਦਾ ਹੈ । ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਿਰਪਾਲ ਸਿੰਘ, ਸਹਾਇਕ ਫੂਡ ਸੇਫਟੀ ਅਫਸਰ ਅਦਿਤੀ ਗੁਪਤਾ, ਜਿਲਾ ਸਿੱਖਿਆ ਅਫਸਰ ਤਰਵਿੰਦਰ ਕੌਰ, ਜਿਲਾ ਵਿਕਾਸ ਫੈਲੋ ਮੀਨਾਕਸ਼ੀ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ ।