ਏ. ਐਸ. ਆਈ. ਨੂੰ ਵਿਜੀਲੈਂਸ ਨੇ ਕੀਤਾ 3 ਹਜ਼ਾਰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਸਰਕਾਰ ਦੀ ਪੰਜਾਬ ਵਿਚ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਜਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜਿ਼ਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ `ਤੇ ਦਰਜ ਕਰਵਾਈ ਗਈ ਆਨਲਾਈਨ ਸਿ਼ਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ. ਐਸ. ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ. ਓ.) ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ. ਐਸ. ਆਈ. ਨੇ ਉਸ ਕੋਲੋਂ 3 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ । ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।