ਅਕਾਲੀ ਸਰਕਾਰ ਸਮੇਂ ਦਿੱਤੀਆਂ ਸਹੂਲਤਾਂ ਬੰਦ ਕਰਕੇ ਆਪ ਸਰਕਾਰ ਨੇ ਪੰਜਾਬ ਵਾਸੀਆਂ ਦੀ ਪਿੱਠ ‘ਚ ਮਾਰਿਆ ਛੁਰਾ : ਪ੍ਰੋ. ਬਡੂੰਗਰ
ਪਟਿਆਲਾ, 18 ਮਾਰਚ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਆਪਣੇ ਇੱਕ ਸਾਲ ਦੀਆਂ ਗਿਣਵਾਈਆਂ ਪ੍ਰਾਪਤੀਆਂ ਦਾ ਮੂਲ ਆਧਾਰ ਹੀ ਕੇਵਲ ਝੂਠ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਵਿਕਾਸ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਦੇ ਵਾਰ ਵਾਰ ਮਹਿਕਮੇ ਹੀ ਬਦਲੇ ਹਨ, ਜਿਸ ਨਾਲ ਵਧੀਆ ਕੰਮ ਕਰਦੇ ਅਧਿਕਾਰੀਆਂ ਅਤੇ ਮੰਤਰੀਆਂ ਦਾ ਵੀ ਮਨੋਬਲ ਡਿਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਸ਼ਾਸ਼ਨ ਵੀ ਬੁਰੀ ਤਰ੍ਹਾਂ ਤਹਿਸ-ਨਹਿਸ ਕਰਕੇ ਰੱਖ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਪਤੀ ਕੇਵਲ ਕਰਜ਼ੇ ਦੀ ਪੰਡ ਭਾਰੀ ਕਰਨੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨਿਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋ ਜਾਣ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਸੜਕਾਂ ਤੇ ਉਤਰ ਕੇ ਸਰਕਾਰ ਨੂੰ ਜਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਪੰਜਾਬ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਧਰਨਿਆਂ ਵਿੱਚ ਸਰਕਾਰ ਦੇ ਸ਼ਾਸਨ ਖਿਲਾਫ ਹਰ ਵਰਗ ਦੇ ਲੋਕਾਂ ਵਲੋਂ ਕੀਤੀ ਜਾ ਰਹੀ ਭਰਮੀ ਸਮੂਲੀਅਤ ਸਰਕਾਰ ਦੀਆਂ ਨਾਕਾਮੀਆਂ ਨੂੰ ਜੱਗ-ਜ਼ਾਹਰ ਕਰਦੀ ਸਾਫ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋੜਵੰਦ ਪਰਿਵਾਰਾਂ ਨੂੰ ਆਟਾ ਦਲ ਸਕੀਮ ਦੇ ਬਣਾਏ ਗਏ ਕਾਰਡਾਂ ਨੂੰ ਕੱਟ ਕੇ ਅੱਜ ਇਨ੍ਹਾਂ ਗਰੀਬ ਲੋਕਾਂ ਨੂੰ ਸੜਕਾਂ ਤੇ ਉਤਰਨ ਲਈ ਮਜ਼ਬੂਰ ਕਰ ਦਿੱਤਾ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨੂੰ ਨਵੀਆਂ ਸੁਖ-ਸੁਵਿਧਾਵਾਂ ਤਾਂ ਕੀ ਦੇਣੀਆਂ ਸਨ ਸਗੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲ ਰਹੀਆਂ ਸਹੂਲਤਾਂ ਨੂੰ ਵੀ ਬੰਦ ਕਰ ਕੇ ਪੰਜਾਬ ਦੀ ਜਨਤਾ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਸਾਲ ਵਿੱਚ ਹੀ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਕੇ ਰਹਿ ਗਿਆ ਹੈ ਤੇ ਹੁਣ ਲੋਕ ਆਪਣੀਆਂ ਕੀਤੀਆਂ ਗਈਆਂ ਗਲਤੀਆਂ ਦਾ ਅਹਿਸਾਸ ਕਰਨ ਲੱਗ ਪਏ ਹਨ।