ਖ਼ਾਲਸਾ ਕਾਲਜ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਰਵਾਏ ਗਏ ਭਾਸ਼ਣ ਮੁਕਾਬਲੇ

ਪਟਿਆਲਾ, 15 ਸਤੰਬਰ 2025: ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੇ ਮੌਕੇ ਤੇ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਨਾਲ ਲੋਕਤੰਤਰ ਦੀ ਮਹੱਤਤਾ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਗਹਿਰੀ ਚਰਚਾ ਹੋਈ।

ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਲੋਕਤੰਤਰ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਪ੍ਰਗਟ ਕੀਤੇ, ਜਿਵੇਂ ਕਿ ਲੋਕਤੰਤਰ ਵਿੱਚ ਨਾਗਰਿਕਾਂ ਦੀ ਭੂਮਿਕਾ, ਵੋਟ ਦਾ ਅਧਿਕਾਰ, ਮੀਡੀਆ ਦੀ ਆਜ਼ਾਦੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਤੰਤਰੀ ਪ੍ਰਣਾਲੀਆਂ ਦੀ ਮਹੱਤਤਾ। ਇੱਕ ਵਿਦਿਆਰਥੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਵੋਟ ਪਾਉਣ ਤੱਕ ਸੀਮਿਤ ਨਹੀਂ, ਬਲਕਿ ਇਹ ਰੋਜ਼ਾਨਾ ਜੀਵਨ ਵਿੱਚ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਵਾਲੀ ਪ੍ਰਕਿਰਿਆ ਹੈ।

ਡਾ. ਜਗਤਾਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਗਰੂਕ ਰਹਿਣ ਲਈ ਕਿਹਾ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੇ ਇਤਿਹਾਸ ਬਾਰੇ ਵੀ ਚਾਨਣ ਪਾਇਆ ਅਤੇ ਕਿਹਾ ਕਿ ਸਾਡਾ ਸੰਵਿਧਾਨ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ।

ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿੱਦਿਆ ਅਦਾਰੇ ਨੌਜਵਾਨਾਂ ਨੂੰ ਨਾ ਸਿਰਫ਼ ਵਿਗਿਆਨਕ ਗਿਆਨ ਪ੍ਰਦਾਨ ਕਰਦੇ ਹਨ, ਬਲਕਿ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਵਿਭਾਗ ਨੂੰ ਅਜਿਹੇ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਵਧਾਉਂਦੇ ਹਨ।

ਇਸ ਪ੍ਰੋਗਰਾਮ ਨੇ ਨਾ ਸਿਰਫ਼ ਵਿਦਿਆਰਥੀਆਂ ਦਾ ਲੋਕਤੰਤਰ ਬਾਰੇ ਗਿਆਨ ਵਧਾਇਆ, ਬਲਕਿ ਉਨ੍ਹਾਂ ਵਿੱਚ ਚਰਚਾ ਅਤੇ ਵਿਚਾਰ ਵਟਾਂਦਰੇ ਦੀ ਭਾਵਨਾ ਵੀ ਪੈਦਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ।

Scroll to Top