ਗੁਟਕਾ ਸਾਹਿਬ ਦੀ ਬੇਅਦਬੀ ਨਾਲ ਭੜਕੇ ਲੋਕ, ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗੀ

ਜਲੰਧਰ, 19 ਮਈ 2026 : ਪੰਜਾਬ ਵਿੱਚ ਇੱਕ ਵਾਰ ਫਿਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਜਲੰਧਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਕਾਰਨ ਲੋਕਾਂ ਅੰਦਰ ਭਾਰੀ ਰੋ਼ਸ ਫੈਲ ਗਿਆ ਹੈ ਅਤੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋ ਸਖਤ ਸਜਾ ਦੇਣ ਦੀ ਮੰਗ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਕੇ ‘ਤੇ ਇਕੱਠੀ ਹੋ ਗਈ। ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਦੇ ਜਥੇ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਲੋਕਾਂ ਨੇ ਦੋਸ਼ ਲਗਾਇਆ ਕਿ ਕੁਝ ਸਮਾਜ ਵਿਰੋਧੀ ਅਨਸਰ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਘਟਨਾ ਦੇ ਵਿਰੋਧ ‘ਚ ਇਲਾਕਾ ਨਿਵਾਸੀਆਂ ਅਤੇ ਨਿਹੰਗ ਸਿੰਘਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਹਾਲਾਤ ਕਾਬੂ ਕਰਨ ਲਈ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਅਤੇ ਪੀਸੀਆਰ ਟੀਮਾਂ ਨੂੰ ਤਾਇਨਾਤ ਕਰਨਾ ਪਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Scroll to Top