ਪਟਿਆਲਾ, 12 ਜੂਨ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੇਵਾਮੁਕਤ ਸੁਪਰਡੈਂਟ ਪਸੂ ਪਾਲਣ ਵਿਭਾਗ ਜਗਦੀਸ਼ ਸਿੰਘ ਬਾਵਾ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਬੈਰਾਗੀ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਕੰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਸਮਾਜ ਪ੍ਰਤੀ ਉਨ੍ਹਾਂ ਦੀ ਨਿਰੰਤਰ ਸੇਵਾ ਅਤੇ ਸਮਰਪਣ ਦਾ ਸਨਮਾਨ ਹੈ।
ਇਸ ਮੌਕੇ ਜਗਦੀਸ਼ ਸਿੰਘ ਬਾਵਾ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਗੁਰਮੀਤ ਦਾਸ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੈਰਾਗੀ ਸਮਾਜ ਦੀ ਭਲਾਈ, ਨੌਜਵਾਨਾਂ ਦੇ ਵਿਕਾਸ ਅਤੇ ਸਮਾਜਿਕ ਏਕਤਾ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਬਾਵਾ ਦੀ ਅਗਵਾਈ ਹੇਠ ਬੈਰਾਗੀ ਵੈਲਫੇਅਰ ਬੋਰਡ ਲੋਕ ਭਲਾਈ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਏਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।