Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:00 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਬੰਦ ਕਰ ਦੇਣਗੇ-ਮੁੱਖ ਮੰਤਰੀ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਬੰਦ ਕਰ ਦੇਣਗੇ-ਮੁੱਖ ਮੰਤਰੀ

ਹੁਸ਼ਿਆਰਪੁਰ; 15 ਅਕਤੂਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਹੁਸ਼ਿਆਰਪੁਰ ਦੇ ਚੱਬੇਵਾਲ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ 1,244 ਕਲੀਨਿਕ ਹਨ, ਜਿੱਥੇ ਹੁਣ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਹੇਠ 54.20 ਲੱਖ ਪਰਿਵਾਰਾਂ ਦੇ ਸ਼ਾਮਲ ਹੋਣ ਅਤੇ ਲਗਭਗ 8 ਲੱਖ ਲਾਭਪਾਤਰੀਆਂ ਦੇ ਇਲਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜ਼ਗਾਰ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ, ਨਾ ਕਿ ਨਾਅਰੇਬਾਜ਼ੀ ਦੀ ਰਾਜਨੀਤੀ। ਪੰਜਾਬ ਨੂੰ ਲੁੱਟਣ ਲਈ ਰਵਾਇਤੀ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਕੋਲ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੈ, ਓਦੋਂ ਤੱਕ ਉਨ੍ਹਾਂ ਦੀ ਸਰਕਾਰ ਨੂੰ ਬਦਨਾਮ ਕਰਨ ਦਾ ਕੋਈ ਵੀ ਯਤਨ ਉਨ੍ਹਾਂ ਦੇ ਹੌਸਲੇ ਨੂੰ ਤੋੜ ਨਹੀਂ ਸਕਦਾ।

ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਹ ਕਲੀਨਿਕ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਜਨਤਕ ਰੈਲੀ ਦੌਰਾਨ ਸਮਰਪਿਤ ਕੀਤੇ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 6.5 ਕਰੋੜ ਓ.ਪੀ.ਡੀ ਦਰਜ ਕੀਤੀ ਅਤੇ ਮੁਫ਼ਤ ਦਵਾਈਆਂ ਅਤੇ ਟੈਸਟਾਂ ਦਾ ਲਾਭ ਉਠਾਇਆ।
ਸਾਡੀ ਸਰਕਾਰ ਦਾ ਕੰਮ ਲੋਕਾਂ ਤੋਂ ਜਿੱਤ-ਹਾਰ ਦੇ ਨਾਅਰੇ ਲਵਾਉਣਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਯਕੀਨੀ ਬਣਾਉਣਾ ਹੈ। ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਸਿਰਫ਼ ਲੁੱਟਿਆ ਹੀ ਹੈ। ਉਹ ਸਾਨੂੰ ਬਦਨਾਮ ਕਰਨ ਲਈ ਕਿੰਨੀਆਂ ਵੀ ਸਾਜ਼ਿਸ਼ਾਂ ਘੜ ਲੈਣ, ਪਰ ਜਦੋਂ ਤੱਕ ਮੇਰੇ ਨਾਲ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੈ, ਮੈਨੂੰ ਉਨ੍ਹਾਂ ਤੋਂ ਡਰਨ ਦੀ ਲੋੜ ਨਹੀਂ। ਇਨਕਲਾਬ ਜ਼ਿੰਦਾਬਾਦ।”

ਪਿੰਡ ਹਰਖੋਵਾਲ ਵਿਖੇ 154 ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਪਿਛਲੀਆਂ ਸਰਕਾਰਾਂ ਆਪਣੇ ਆਲੀਸ਼ਾਨ ਮਹਿਲਾਂ ਤੱਕ ਸੀਮਤ ਰਹੀਆਂ ਅਤੇ ਮੁੱਖ ਤੌਰ ‘ਤੇ ਆਪਣੇ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਲਈ ਕੰਮ ਕੀਤਾ, ਉੱਥੇ ਹੀ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਸਿਹਤ, ਸਿੱਖਿਆ, ਰੁਜ਼ਗਾਰ, ਸਿੰਚਾਈ ਅਤੇ ਸਮਾਜ ਭਲਾਈ ਵਿੱਚ ਠੋਸ ਕਦਮ ਚੁੱਕ ਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਆਮ ਨਾਗਰਿਕਾਂ ਤੱਕ ਪਹੁੰਚ ਸਕੇ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਇਤਿਹਾਸਕ ਫ਼ਤਵੇ ਨੇ ਸਾਡੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਪਾਈ ਹੈ ਅਤੇ ਅਸੀਂ ਆਪਣੇ ਕੰਮਾਂ ਰਾਹੀਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਪਿਛਲੀਆਂ ਸਰਕਾਰਾਂ ਅਤੇ ਸਾਡੀ ਸਰਕਾਰ ਵਿੱਚ ਫਰਕ ਸਪੱਸ਼ਟ ਹੈ। ਪਹਿਲਾਂ ਸੱਤਾ ਨੂੰ ਪਰਿਵਾਰਾਂ ਅਤੇ ਕੁਝ ਖ਼ਾਸ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਦਾ ਜ਼ਰੀਆ ਮੰਨਿਆ ਜਾਂਦਾ ਸੀ, ਪਰ ਅੱਜ ਸ਼ਾਸਨ ਆਮ ਲੋਕਾਂ, ਉਨ੍ਹਾਂ ਦੀਆਂ ਆਸਾਂ-ਉਮੀਦਾਂ ਅਤੇ ਉਨ੍ਹਾਂ ਦੀ ਭਲਾਈ ਦੇ ਦੁਆਲੇ ਘੁੰਮਦਾ ਹੈ। ਪੰਜਾਬ ਵਿੱਚ ਵਿਕਾਸ ਦੀ ਹਵਾ ਚੱਲ ਰਹੀ ਹੈ ਅਤੇ ਵਿਰੋਧੀ ਧਿਰ ਦੀ ਕੋਈ ਵੀ ਸਾਜ਼ਿਸ਼ ਇਸ ਬਦਲਾਅ ਨੂੰ ਨਹੀਂ ਰੋਕ ਸਕਦੀ।”

ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕੀਤਾ, ਉਹ ਹੁਣ ਅੰਦਰੂਨੀ ਫੁੱਟ, ਭਰੋਸੇਯੋਗ ਲੀਡਰਸ਼ਿਪ ਦੀ ਘਾਟ ਅਤੇ ਸੂਬੇ ਲਈ ਸਾਕਾਰਤਮਕ ਏਜੰਡਾ ਪੇਸ਼ ਕਰਨ ਵਿੱਚ ਅਸਮਰੱਥ ਹਨ।
ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਕਦੇ ਦਾਅਵਾ ਕਰਦਾ ਸੀ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰੇਗਾ, ਪਰ ਅੱਜ ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਜਿਨ੍ਹਾਂ ਨੇ ਆਪਣੇ ਰਾਜਨੀਤਿਕ ਭਵਿੱਖ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹ ਮਜ਼ਬੂਤ ਅਤੇ ਇਕਜੁਟ ਧਿਰ ਬਣਾਉਣ ਵਿੱਚ ਅਸਫਲ ਰਹੇ ਹਨ।”

ਕਾਂਗਰਸ ਦੀ ਅੰਦਰੂਨੀ ਫੁੱਟ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ, “ਕਾਂਗਰਸੀ ਆਗੂ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ‘ਤੇ ਵੀ ਇਕਜੁੱਟ ਹੋ ਕੇ ਸਾਹਮਣੇ ਆਉਣ ਦੇ ਯੋਗ ਨਹੀਂ ਹਨ। ਜਿਨ੍ਹਾਂ ਨੇ ਸਾਲਾਂ ਬੱਧੀ ਪੰਜਾਬ ‘ਤੇ ਰਾਜ ਕੀਤਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ ‘ਚ ਨਾਕਾਮ ਰਹੇ, ਉਹ ਹੁਣ ਸਾਡੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ। ਉਹ ਸਾਡੇ ਖ਼ਿਲਾਫ਼ ਹੱਥ ਮਿਲਾ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਪੰਜਾਬ ਲਈ ਕੋਈ ਭਰੋਸੇਯੋਗ ਏਜੰਡਾ ਨਹੀਂ ਹੈ, ਪਰ ਸੂਬੇ ਦੇ ਲੋਕ ਸਾਡੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਉਹ ਜਵਾਬਦੇਹ ਸ਼ਾਸਨ ਅਤੇ ਫੈਸਲਾਕੁੰਨ ਨਤੀਜਿਆਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਅਕਾਲੀ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਵਿੱਚ ਨਾਕਾਮ ਰਹੀਆਂ, ਜਦੋਂ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਪਾਰਟੀ ਦੀ ਭਰੋਸੇਯੋਗਤਾ ਨੂੰ ਭਾਰੀ ਠੇਸ ਪਹੁੰਚਾਈ। ਵਿਰੋਧੀ ਧਿਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਾਂ ਨੇ ਭ੍ਰਿਸ਼ਟਾਚਾਰ, ਪਰਿਵਾਰਵਾਦ ਅਤੇ ਨਿੱਜੀ ਸੁਆਰਥ ਦੀ ਰਾਜਨੀਤੀ ਨੂੰ ਖਾਰਜ ਕਰ ਦਿੱਤਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ। ਲੋਕਾਂ ਦਾ ਵਿਸ਼ਵਾਸ ਅਤੇ ਆਸ਼ੀਰਵਾਦ ਸਾਡੀ ਸਭ ਤੋਂ ਵੱਡੀ ਰਾਜਨੀਤਿਕ ਤਾਕਤ ਹੈ।”

ਵਿਕਾਸ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਤਰੱਕੀ ਸਾਡਾ ਮਿਸ਼ਨ ਹੈ, ਇਸ ਦੇ ਲੋਕਾਂ ਦੀ ਭਲਾਈ ਸਾਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦਾ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਆਲੋਚਨਾ ਦੇ ਬਾਵਜੂਦ ਵਿਕਾਸ ਵਿੱਚ ਤੇਜ਼ੀ ਲਿਆਉਣ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ਜਾਰੀ ਰੱਖਾਂਗੇ। ਲੋਕਾਂ ਦੇ ਆਸ਼ੀਰਵਾਦ ਅਤੇ ਸਮਰਥਨ ਨਾਲ ਅਸੀਂ ਪੰਜਾਬ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ ਅਤੇ ਨਵੇਂ ਉਤਸ਼ਾਹ ਨਾਲ ਦੁਬਾਰਾ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੋਵਾਂਗੇ।”

ਸੂਬਾ ਸਰਕਾਰ ਦੀ ਸਿਹਤ ਪਹਿਲਕਦਮੀ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 154 ਨਵੇਂ ਆਮ ਆਦਮੀ ਕਲੀਨਿਕਾਂ ਸਮਰਪਿਤ ਕਰਨ ਨਾਲ ਪੰਜਾਬ ਭਰ ਵਿੱਚ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ, ਜਿਸ ਨਾਲ ਕਿਫ਼ਾਇਤੀ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਤੱਕ ਪਹੁੰਚ ਕਾਫ਼ੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ,”ਆਮ ਆਦਮੀ ਕਲੀਨਿਕਾਂ ਨੇ ਡਾਕਟਰੀ ਸਲਾਹ, ਟੈਸਟਿੰਗ ਸਹੂਲਤਾਂ ਅਤੇ ਦਵਾਈਆਂ ਲੋਕਾਂ ਦੇ ਘਰਾਂ ਦੇ ਨੇੜੇ ਲਿਆ ਕੇ ਪ੍ਰਾਇਮਰੀ ਸਿਹਤ ਸੰਭਾਲ ਦੇ ਖੇਤਰ ਵਿੱਚ ਬਦਲਾਅ ਲਿਆਂਦਾ ਹੈ। ਗ਼ਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਨੂੰ ਇਸ ਦਾ ਵਿਸ਼ੇਸ਼ ਲਾਭ ਮਿਲ ਰਿਹਾ ਹੈ ਕਿਉਂਕਿ ਉਹ ਆਰਥਿਕ ਬੋਝ ਦੀ ਚਿੰਤਾ ਕੀਤੇ ਬਿਨਾਂ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਸਿਹਤ ਸੰਭਾਲ ਇੱਕ ਬੁਨਿਆਦੀ ਹੱਕ ਹੈ, ਨਾ ਕਿ ਸਿਰਫ਼ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦਾ ਖ਼ਰਚਾ ਚੁੱਕਣ ਦੇ ਸਮਰੱਥ ਲੋਕਾਂ ਲਈ ਕੋਈ ਵਿਸ਼ੇਸ਼ ਅਧਿਕਾਰ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਤੰਗੀ ਦੇ ਮਿਆਰੀ ਇਲਾਜ ਮਿਲੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 1.98 ਕਰੋੜ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ ਹਨ, ਜਦੋਂ ਕਿ ਕੁੱਲ ਓ.ਪੀ.ਡੀ. 6.5 ਕਰੋੜ ਨੂੰ ਪਾਰ ਕਰ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 127 ਤਰ੍ਹਾਂ ਦੀਆਂ ਦਵਾਈਆਂ ਅਤੇ ਕਈ ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਦਿੱਤੇ ਜਾ ਰਹੇ ਹਨ, ਜਿਸ ਨਾਲ ਮਰੀਜ਼ਾਂ ਨੂੰ ਬਿਨਾਂ ਵਾਧੂ ਖ਼ਰਚੇ ਤੋਂ ਜ਼ਰੂਰੀ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ, “6.5 ਕਰੋੜ ਤੋਂ ਵੱਧ ਓ.ਪੀ.ਡੀ. ਪੰਜਾਬ ਭਰ ਦੇ ਲੋਕਾਂ ਦੇ ਇਨ੍ਹਾਂ ਕਲੀਨਿਕਾਂ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ। ਅਸੀਂ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾ ਕੇ ਆਮ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਵੀ ਹੋਰ ਮਜ਼ਬੂਤ ਕਰ ਰਹੇ ਹਾਂ।”
Scroll to Top