ਪਟਿਆਲਾ, 14 ਨਵੰਬਰ 2025 – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੀਤੀ 11 ਨਵੰਬਰ ਨੂੰ ਹੋਈ ਵਿਧਾਨ ਸਭਾ ਹਲਕਾ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਇਸ ਮੌਕੇ ਸ. ਬਰਸਟ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਹੁੰਚ ਕੇ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰਾਂ ਨਾਲ ਮਿਲ ਕੇ ਜਸ਼ਨ ਮਨਾਇਆ ਅਤੇ ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੂੰ ਮੁਬਾਰਕਾਂ ਦਿੱਤੀਆਂ ਅਤੇ ਮੂੰਹ ਮਿਠਾ ਕਰਵਾਇਆ।
ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਵੱਲੋਂ ਸ. ਹਰਮੀਤ ਸਿੰਘ ਸੰਧੂ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਚੱਲ ਰਹੀ ਹਨੇਰੀ ਤੇ ਮੋਹਰ ਲਗਾ ਦਿੱਤੀ ਗਈ ਹੈ। ਇਸ ਜਿੱਤ ਲਈ ਸ. ਬਰਸਟ ਨੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੂਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਹੈ।
ਇਸਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਤੇ ਫਿਰ ਤੋਂ ਭਰੋਸਾ ਜਤਾਉਣ ਲਈ ਜਨਤਾ ਦਾ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਨਕਾਰਕੇ ਮੁੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਵਾਈ ਗਈ ਹੈ। ਇਸ ਨਾਲ ਇੱਕ ਵਾਰ ਫਿਰ ਤੋਂ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਸੁਧਾਰ ਕੀਤਾ ਹੈ। ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਸਿਰਫ਼ ਤੇ ਸਿਰਫ਼ ਵਿਕਾਸ ਹੈ। ਇਸਦੇ ਤਹਿਤ ਹੀ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ।
ਪੰਜਾਬ ਰਾਜ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦਿਖਾਇਆ ਭਰੋਸਾ ਇਹ ਸਿੱਧ ਕਰਦਾ ਹੈ ਕਿ ਆਪ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਹੁਣ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋਰ ਜੋਰਾ-ਸ਼ੋਰਾਂ ਨਾਲ ਕੰਮ ਕੀਤੇ ਜਾਣਗੇ।