ਨਵੇਂ ਰਾਸ਼ਨ ਕਾਰਡ ਬਨਾਉਣ ਲਈ ਅਰਜ਼ੀਆਂ 11 ਅਗਸਤ ਤੱਕ ਲਈਆਂ ਜਾਣਗੀਆਂ- ਡਾ. ਰਵਿੰਦਰ ਕੌਰ
ਪਟਿਆਲਾ, 22 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰਵਿੰਦਰ ਕੌਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਅਤੇ ਪੰਜਾਬ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ।ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ।
ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (ਸੀਐਸਸੀ)ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀਐਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ।
ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਹੋਰ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ‘ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।