ਨਸਿ਼ਆਂ ਵਿਰੁੱਧ ਬੋਲਣ ਵਾਲੇ ਗੁਲਜਾਰ ਸਿੰਘ ਦੀ ਹੋਈ ਮੌਤ, ਮਾਮਲਾ ਦਰਜ
ਦਿੜ੍ਹਬਾ, 8 ਸਤੰਬਰ : ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਜ਼ਾਰਾ ਵਿੱਚ ਇਕ ਸਮਾਗਮ ਦੌਰਾਨ ਨਸਿ਼ਆਂ ਵਿਰੁੱਧ ਅਵਾਜ ਚੁਕਣ ਵਾਲੇ ਗੁਲਜਾਰ ਸਿੰਘ ਦੀ ਸਲਫਾਸ ਨਿਗਲਣ ਤੋ ਬਾਅਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਸ ਮਾਮਲੇ ਵਿਚ ਪੁਲਸ ਨੇ ਕੁੱਝ ਵਿਅਕਤੀਆਂ ਵਿਰੁੱਧ ਮਾਮਲਾ ਵੀ ਦਰਜ ਕਰ ਲਿਆ ਹੈ।
ਜਾਣਕਾਰੀ ਦੇ ਅਨੁਸਾਰ ਇਕ ਸਮਾਗਮ ਦੌਰਾਨ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਗੁਲਜ਼ਾਰ ਸਿੰਘ ਨੇ ਸਲਫ਼ਾਸ ਨਿਗਲ ਲਈ ਸੀ ਅਤੇ ਉਸ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਗੁਲਜ਼ਾਰ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਦੇਹ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿਵਲ ਹਸਪਤਾਲ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਵੀ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ ਹਨ।