ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ – ਬਰਸਟ

ਪਟਿਆਲਾ, 13 ਦਸੰਬਰ – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਮੋਹਤਬਰ ਸੱਜਣਾਂ ਨੇ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਸ. ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਵਾਸਤੇ ਕੰਮ ਕਰਦੀ ਆਈ ਹੈ ਅਤੇ ਪੰਜਾਬ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਬਹੁਤ ਖੁਸ਼ ਹਨ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡ ਪੱਧਰ ਤੇ ਵਿਕਾਸ ਅਤੇ ਲੋਕ-ਕੇਂਦਰਿਤ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਸਿਹਤ, ਸਿੱਖਿਆ, ਰੁਜਗਾਰ ਦੇ ਖੇਤਰ ਵਿੱਚ ਸਰਕਾਰ ਵੱਲੋਂ ਮਿਸਾਲੀ ਕਾਰਜ ਕੀਤੇ ਗਏ ਹਨ। ਜਿੱਥੇ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਉੱਥੇ ਹੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ, ਤਾਂ ਜੋ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸੜਕਾਂ ਦੇਣ ਲਈ 44920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚੋਂ 19373 ਕਿਲੋਮੀਟਰ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ। ਇਸ ਇਤਿਹਾਸਕ ਪ੍ਰੋਜੈਕਟ ਨਾਲ ਜਿੱਥੇ ਲੋਕਾਂ ਲਈ ਯਾਤਰਾ ਕਰਨਾ ਸੌਖਾ ਹੋ ਜਾਵੇਗਾ, ਉੱਥੇ ਹੀ ਕਿਸਾਨਾਂ ਲਈ ਆਪਣੀ ਉਪਜ ਨੂੰ ਮੰਡੀਆਂ ਤੱਕ ਪਹੁੰਚਾਉਣ ਵਿੱਚ ਸਮਾਂ ਅਤੇ ਲਾਗਤ ਘੱਟ ਲਗੇਗੀ। ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। 58000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸਦਾ ਲਾਭ 90 ਫੀਸਦੀ ਲੋਕਾਂ ਨੂੰ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ  ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਸਾਰਥਿਕ ਕਦਮ ਚੁੱਕੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਜਗਦੀਪ ਸਿੰਘ ਜੱਗਾ ਡਿਪਟੀ ਮੇਅਰ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਸੋਮਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ ਨਵਾਂ ਗਾਓ, ਜਗਜੀਤ ਸਿੰਘ ਬਲਾਕ ਪ੍ਰਧਾਨ ਦੌਣਕਲਾਂ, ਇਕਬਾਲ ਸਿੰਘ ਬੀਬੀਪੁਰ, ਈਸ਼ਵਰ ਸਿੰਘ ਕਮਾਲਪੁਰ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top