ਪਟਿਆਲਾ, 30 ਅਪ੍ਰੈਲ – “ਪੰਜਾਬੀ ਯੂਨੀਵਰਸਿਟੀ ਨੇ ਦੁਨੀਆਂ ਭਰ ਵਿੱਚ ਪੰਜਾਬੀਅਤ ਦੀ ਮਹਿਕ ਬਿਖੇਰੀ ਹੈ। ਸਾਡੀ ਇਹ ਮਾਣਮੱਤੀ ਸੰਸਥਾ ਸਾਡੇ ਸਭ ਲਈ ਮਾਂ ਵਰਗਾ ਦਰਜਾ ਰੱਖਦੀ ਹੈ।”
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇੱਥੇ ਯੂਨੀਵਰਸਿਟੀ ਦੇ 65ਵੇਂ ਸਥਾਪਨਾ ਦਿਵਸ ਮੌਕੇ ਰੱਖੇ ਗਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ਼ ਇੱਕ ਰਵਾਇਤੀ ਕਿਸਮ ਦਾ ਵਿਦਿਅਕ ਅਦਾਰਾ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦਾ ਇੱਕ ਅਜਿਹਾ ਧੁਰਾ ਹੈ ਜਿਸ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਆਪਣੀ ਇੱਕ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਵਿਸ਼ਵ ਭਰ ਵਿੱਚ ਫੈਲੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਪਿਛਲੇ ਇੱਕ ਸਾਲ ਦੌਰਾਨ ਯੂਨੀਵਰਸਿਟੀ ਵਿੱਚ ਹੋਈਆਂ ਵੱਖ ਵੱਖ ਗਤੀਵਿਧੀਆਂ ਅਤੇ ਉਪਲਬਧੀਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੋਜ ਦੇ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਣ ਤਾਂ ਜੋ ਯੂਨੀਵਰਸਿਟੀ ਦਾ ਨਾਮ ਕੌਮਾਂਤਰੀ ਪੱਧਰ ‘ਤੇ ਹੋਰ ਰੌਸ਼ਨ ਹੋ ਸਕੇ।
ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਮਾਣਮੱਤੀ ਸੰਸਥਾ ਦੇ ਰੁਤਬੇ ਨੂੰ ਬਰਕਰਾਰ ਰੱਖਿਆ ਜਾਵੇਗਾ।
ਸਥਾਪਨਾ ਦਿਵਸ ਭਾਸ਼ਣ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਦਿੱਤਾ ਗਿਆ। ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਆਪਸੀ ਅਕਾਦਮਿਕ ਸਾਂਝਾਂ ਦੇ ਹਵਾਲੇ ਨਾਲ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹੇਂ ਯੂਨੀਵਰਸਿਟੀਆਂ ਦੀ ਵਿਲੱਖਣਤਾ ਇਹ ਹੈ ਕਿ ਇਹ ਸਿੱਧੇ ਤੌਰ ਤੇ ਪੇਂਡੂ ਅਵਾਮ ਨਾਲ ਜੁੜੀਆਂ ਸੰਸਥਾਵਾਂ ਹਨ ।
ਉਨ੍ਹਾਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਕਾਰਜ ਸ਼ੈਲੀ ਅਤੇ ਉਪਲਬਧੀਆਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਪੰਜਾਬੀ ਯੂਨੀਵਰਸਿਟੀ ਨਾਲ਼ ਹੋਰ ਨਵੀਆਂ ਅਕਾਦਮਿਕ ਸਾਂਝਾ ਸਿਰਜੇ ਜਾ ਸਕਣ ਦੀਆਂ ਸੰਭਾਵਨਾਵਾਂ ਬਾਰੇ ਉਮੀਦ ਪ੍ਰਗਟਾਈ।