ਮਮਤਾ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਸਿਹਤ ਸੇਵਾਵਾਂ
ਪਟਿਆਲਾ 22 ਜੁਲਾਈ – ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਾਰੀ ਸਿਹਤ ਸੰਸਥਾਵਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਮਹਿਲਾਵਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੱਖ-ਵੱਖ ਸਿਹਤ ਅਤੇ ਪੋਸ਼ਣ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਮਮਤਾ ਦਿਵਸ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਨੂੰ ਬਿਹਤਰ ਬਣਾਉਣਾ ਅਤੇ ਜ਼ਰੂਰੀ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ, ਬਲੱਡ ਪ੍ਰੈਸ਼ਰ ਅਤੇ ਹੀਮੋਗਲੋਬਿਨ ਦੀ ਜਾਂਚ, ਟੀਕਾਕਰਨ, ਪੋਸ਼ਣ ਸੰਬੰਧੀ ਸਲਾਹ, ਉੱਚ ਜੋਖਮ ਵਾਲੀਆਂ ਗਰਭਵਤੀਆਂ ਦੀ ਪਛਾਣ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦਾ ਟੀਕਾਕਰਨ, ਵਜ਼ਨ ਦੀ ਜਾਂਚ ਅਤੇ ਮਾਪਿਆਂ ਨੂੰ ਸੰਤੁਲਿਤ ਖੁਰਾਕ, ਸਫ਼ਾਈ ਅਤੇ ਬੱਚਿਆਂ ਦੀ ਸਹੀ ਦੇਖਭਾਲ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਸਾਰੀਆਂ ਗਰਭਵਤੀ ਮਹਿਲਾਵਾਂ ਆਪਣੀ ਗਰਭ ਅਵਸਥਾ ਦੀ ਸਮੇਂ ਸਿਰ ਰਜਿਸਟ੍ਰੇਸਨ ਕਰਵਾਉਣ, ਨਿਯਮਿਤ ਜਾਂਚ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈਣ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਮਤਾ ਦਿਵਸ ਦੌਰਾਨ ਹਰ ਯੋਗ ਲਾਭਪਾਤਰੀ ਤੱਕ ਸਿਹਤ ਅਤੇ ਪੋਸ਼ਣ ਸੇਵਾਵਾਂ ਨੂੰ ਪਹੁਚਾਉਣਾ ਯਕੀਨੀ ਬਣਾਇਆ ਜਾਵੇ।