ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ

ਸਨੌਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ।  ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ।  ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏਕੜ ਤੋਂ ਵਧਾ ਦਿੱਤਾ ਹੈ, ਸਗੋਂ ਕਾਨੂੰਨੀ ਲੜਾਈ ਰਾਹੀਂ ਹਰਿਆਣਾ ਨੂੰ ਦਿੱਤੇ ਜਾਂਦੇ ਭਾਖੜਾ ਨਹਿਰ ਦੇ ਪਾਣੀ ਦਾ ਪੰਜਾਬ ਦਾ 25 ਫੀਸਦ ਹਿੱਸਾ ਵੀ ਪ੍ਰਾਪਤ ਕੀਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਬੇਮਿਸਾਲ ਤਰੱਕੀ ਨੂੰ ਦੇਖ ਕੇ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੀਆਂ ਹਨ।  ਅੱਜ, ਪੰਜਾਬ ਦੇ ਵਿਕਾਸ ਦੀ ਗੱਡੀ ਮੁੜ ਲੀਹਾਂ ‘ਤੇ ਆ ਗਈ ਹੈ ਅਤੇ ਹਰ ਗੁਜ਼ਰਦੇ ਦਿਨ ਨਾਲ ਇਹ ਗਤੀ ਹੋਰ ਤੇਜ਼ ਹੋ ਰਹੀ ਹੈ। ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਆ ਰਹੀ, ਜਿਸ ਕਾਰਨ ਉਹ ਰੋਜ਼ਾਨਾ ਬੇਬੁਨਿਆਦ ਅਤੇ ਤਰਕਹੀਣ ਬਿਆਨ ਜਾਰੀ ਕਰ ਰਹੀਆਂ ਹਨ। ਇਹ ਵਿਰੋਧੀ ਪਾਰਟੀਆਂ ਵਿੱਚ ਨਿਰਾਸ਼ਾ ਨੂੰ ਦਰਸਾਉਂਦਾ ਹੈ ਜੋ ਸੂਬੇ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਤੋਂ ਈਰਖਾ ਕਰਦੀਆਂ ਹਨ।”

ਸਨੌਰ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਲੋਕ ਜਲਦ ਹੀ ਆਪਣੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਵਿੱਚ ਪ੍ਰਤੱਖ ਬਦਲਾਅ ਦੇਖਣਗੇ। ਮੁੱਖ ਪਟਿਆਲਾ-ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਚਾਰ-ਮਾਰਗੀ ਕੀਤਾ ਜਾਵੇਗਾ।”

Scroll to Top