ਪਟਿਆਲਾ, 9 ਜੂਨ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਬਲਾਕ ਅਧੀਨ ਰਤਨ ਨਗਰ ਮੰਡਲ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਰਤਨ ਨਗਰ ਮੰਡਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਵਰਕਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਰਤਨ ਨਗਰ ਮੰਡਲ ਦੇ ਦਫ਼ਤਰ ਦੀ ਸ਼ੁਰੂਆਤ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ।