ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।
ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਜਦੋਂ ਕਿ ਜ਼ਮੀਨੀ ਮੰਜ਼ਿਲ ’ਤੇ ਬਣੀ ਸਮਾਧ ਵੀ ਪਾਣੀ ਵਿੱਚ ਡੁੱਬ ਗਈ ਹੈ।
ਹਾਲਾਂਕਿ ਰਾਹਤ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ, ਜਿਨ੍ਹਾਂ ਨੂੰ ਉੱਪਰਲੀ ਮੰਜ਼ਿਲ ’ਤੇ ਰੱਖਿਆ ਗਿਆ ਹੈ। ਪਾਕਿਸਤਾਨੀ ਪ੍ਰਸ਼ਾਸਨ ਨੇ ਹਾਲਾਤ ਵਿਗੜਨ ’ਤੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਕੱਢਣ ਲਈ ਹੈਲੀਕਾਪਟਰਾਂ ਅਤੇ ਵਾਹਨਾਂ ਦਾ ਪ੍ਰਬੰਧ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।