ਲੋਕਾਂ ਦੇ ਭਰੋਸੇ ਨਾਲ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਸਫ਼ਰ ਜਾਰੀ ਰਹੇਗਾ : ਭਗਵੰਤ ਮਾਨ
ਹੁਸ਼ਿਆਰਪੁਰ, 16 ਜੁਲਾਈ 2026 : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਕੇਰੀਆਂ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸਦ ਸੱਤਾ ਦਾ ਆਨੰਦ ਮਾਣਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।
ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਆਗੂ ਆਪਸ ਵਿੱਚ ਹੀ ਇਕਜੁੱਟ ਨਹੀਂ ਹਨ ਅਤੇ ਹਰ ਕੋਈ ਮੁੱਖ ਮੰਤਰੀ ਦੀ ਕੁਰਸੀ ਦੀ ਦੌੜ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੱਢੀ ਜਾਣ ਵਾਲੀ ਬੱਸ ਯਾਤਰਾ ਨੂੰ ਲੈ ਕੇ ਵੀ ਪਾਰਟੀ ਅੰਦਰ ਸਿਆਸੀ ਖਿੱਚਤਾਣ ਸਾਫ਼ ਨਜ਼ਰ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣ ਲਈ ਸਰਕਾਰ ਦੀ ਮੁਹਿੰਮ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜਿਕ ਭਲਾਈ ਵਰਗੇ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਰਾਜ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ, ਉੱਥੇ ਕਾਂਗਰਸ ਅੰਦਰੂਨੀ ਖਿੱਚਤਾਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਹੀ ਸੰਕੇਤ ਦੇ ਚੁੱਕੀ ਹੈ ਕਿ ਜੇਕਰ ਉਹ ਸੱਤਾ ਵਿੱਚ ਆਈ ਤਾਂ ਮੌਜੂਦਾ ਭਲਾਈ ਸਕੀਮਾਂ ਨੂੰ ਬੰਦ ਕਰ ਦੇਵੇਗੀ।
ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਜਵਾਬਦੇਹ ਬਣਾਇਆ ਜਾਵੇਗਾ।