ਨਵੀਂ ਦਿੱਲੀ, 20 ਮਈ 2026 : ਸੂਬੇ ਨਾਲ ਜੁੜੇ ਕਈ ਵਿਕਾਸੀ ਅਤੇ ਲੋਕ ਭਲਾਈ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਦੇ ਲਈ ਅੱਜ ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਮੰਗਲਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ, ਜਿਥੇ ਉਨਾ ਵਿਸਥਾਰਪੂਰਵਕ ਚਰਚਾ ਕੀਤੀ।
ਇਸ ਮੁਲਾਕਾਤ ਦੇ ਦੌਰਾਨ ਰਣਬੀਰ ਗੰਗਵਾ ਨੇ ਰਾਜ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਬਾਰੇ ਵੀ ਕੇਂਦਰੀ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ। ਪੇਂਡੂ ਅਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਜਾਲ ਨਾਲ ਜੋੜਨ ਲਈ ਹੋ ਰਹੇ ਯਤਨਾਂ ਅਤੇ ਨਵੇਂ ਸੜਕ ਪ੍ਰੋਜੈਕਟਾਂ ਨੂੰ ਤਰਜੀਹ ਦੇਣ ‘ਤੇ ਵੀ ਗੱਲਬਾਤ ਹੋਈ।
ਇਸ ਦੌਰਾਨ ਹਰਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਰੂਪ ਦੇਣ ਅਤੇ ਵੱਖ-ਵੱਖ ਖੇਤਰਾਂ ਵਿਚਕਾਰ ਸੰਪਰਕ ਸੁਵਿਧਾਵਾਂ ਨੂੰ ਬਿਹਤਰ ਕਰਨ ‘ਤੇ ਖਾਸ ਧਿਆਨ ਦਿੱਤਾ ਗਿਆ। ਮੀਟਿੰਗ ਵਿੱਚ ਰਾਸ਼ਟਰੀ ਰਾਜਮਾਰਗਾਂ ‘ਤੇ ਓਵਰਬ੍ਰਿਜਾਂ ਅਤੇ ਅੰਡਰਪਾਸਾਂ ਦੇ ਨਿਰਮਾਣ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ।
ਮੀਟਿੰਗ ਦੌਰਾਨ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਨੂੰ ਵਧੀਆ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਕੇਂਦਰ ਅਤੇ ਰਾਜ ਦੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।