ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
ਚੰਡੀਗੜ੍ਹ; 11 ਅਗਸਤ : ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।
ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਵਿਡ ਦੌਰਾਨ ਜਦੋਂ ਸਕੂਲ ਬੰਦ ਸਨ ਅਤੇ ਸਕੂਲ ਦੇ ਵਾਹਨ ਨਹੀਂ ਚੱਲ ਰਹੇ ਸਨ, ਤਾਂ ਵੀ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹੁਣ ਅਜਿਹੀ ਲੁੱਟ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸੂਬੇ ਵਿੱਚ ਸਿੱਖਿਆ ਮਾਫੀਆ ਨੂੰ ਸਿਰ ਚੁੱਕਣ ਦੇਵੇਗੀ।
ਬਿੱਲ ‘ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਜੇ ਮਾਲਿਆ ਵਰਗੇ ਲੋਕਾਂ ਵੱਲੋਂ ਪੈਸੇ ਤਾਂ ਹੜੱਪੇ ਜਾ ਸਕਦੇ ਹਨ, ਪਰ ਸਿੱਖਿਆ ਕਿਸੇ ਤੋਂ ਖੋਹੀ ਨਹੀਂ ਜਾ ਸਕਦੀ। ਪਹਿਲਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਕਿਤਾਬਾਂ, ਪਾਠਕ੍ਰਮ ਅਤੇ ਅਧਿਆਪਕਾਂ ਵਿੱਚ ਵੱਡਾ ਫਰਕ ਹੁੰਦਾ ਸੀ। ਸੂਬੇ ਵਿੱਚ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਕੇਂਦਰਾਂ ਤੱਕ ਹੀ ਸੀਮਤ ਰਹਿ ਗਏ ਸਨ, ਪਰ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਗਈ ਹੈ।”
ਬਿੱਲ ਨੂੰ ਸੂਬੇ ਅਤੇ ਇਸ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਬਿੱਲ ਦਾ ਮਕਸਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਣਾ ਹੈ। ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਿੱਜੀ ਅਦਾਰਿਆਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਫੀਸਾਂ ਦੇਣ ਲਈ ਮਜਬੂਰ ਕੀਤਾ, ਜਿਸ ਨਾਲ ਪੂਰੀ ਸਿੱਖਿਆ ਪ੍ਰਣਾਲੀ ਖ਼ਤਰੇ ਵਿੱਚ ਪੈ ਗਈ ਸੀ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਵਿੱਦਿਅਕ ਅਦਾਰੇ ਵੱਖ-ਵੱਖ ਖਾਤਿਆਂ ਵਿੱਚ ਫੀਸਾਂ ਵਸੂਲ ਕੇ ਸਿੱਖਿਆ ਦੇ ਨਾਂ ‘ਤੇ ਅੰਨ੍ਹੀ ਕਮਾਈ ਨਹੀਂ ਕਰ ਸਕਦੇ। ਇਨ੍ਹਾਂ ਅਦਾਰਿਆਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਫੀਸ ਦਾ ਪਤਾ ਲਾਉਣ ਲਈ ਫੌਰੈਂਸਿਕ ਆਡਿਟ ਕਰਵਾਇਆ ਜਾਵੇਗਾ।”
ਉਨ੍ਹਾਂ ਕਿਹਾ, “ਇਹ ਬਿੱਲ ਸਾਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦੀ ਤੈਅ ਕਰਦਾ ਹੈ ਅਤੇ ਇਸ ਤੋਂ ਵੱਧ ਕਿਸੇ ਵੀ ਵਾਧੇ ਲਈ ਰੈਗੂਲੇਟਰੀ ਸੰਸਥਾ ਦੀ ਪੂਰਵ ਪ੍ਰਵਾਨਗੀ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਸ ਕਦਮ ਨਾਲ ਨਿੱਜੀ ਸਕੂਲਾਂ ਦੀਆਂ ਫੀਸਾਂ ਦਾ ਰੈਗੂਲੇਸ਼ਨ ਹੋਵੇਗਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣੇਗੀ ਅਤੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣ-ਉਚਿਤ ਵਿੱਤੀ ਬੋਝ ਤੋਂ ਬਚਾਇਆ ਜਾ ਸਕੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ‘ਤੇ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦਾ ਫੈਸਲਾਕੁਨ ਕਦਮ ਹੈ ਕਿ ਨਿੱਜੀ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਸਿੱਖਿਆ ਇੱਕ ਨੇਕ ਅਤੇ ਪਵਿੱਤਰ ਉਪਰਾਲਾ ਹੈ ਅਤੇ ਇਹ ਜਨਤਕ ਭਲਾਈ ਦਾ ਜ਼ਰੀਆ ਹੈ, ਨਾ ਕਿ ਮੁਨਾਫ਼ਾ ਕਮਾਉਣ ਵਾਲਾ ਵਪਾਰਕ ਅਦਾਰਾ। ਸੂਬੇ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਹੈ।”