Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਸਬੰਧੀ ਕੀਤਾ ਜਾਗਰੂਕ

ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਸਬੰਧੀ ਕੀਤਾ ਜਾਗਰੂਕ

ਪਟਿਆਲਾ, 18 ਨਵੰਬਰ  – ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਸੀਓਪੀਡੀ (Chronic Obstructive Pulmonary Disease) ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਾਲ ਵਿਸ਼ਵ ਸੀਓਪੀਡੀ ਦਿਵਸ ਦਾ ਥੀਮ “ਬਿਹਤਰ ਜੀਵਨ ਲਈ ਛੇਤੀ ਪਤਾ ਲਗਾਉਣਾ ਅਤੇ ਪ੍ਰਬੰਧਨ” ਹੈ, ਜਿਸ ਦਾ ਮੁੱਖ ਉਦੇਸ਼ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਢੁੱਕਵੇਂ ਇਲਾਜ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਦੱਸਿਆ ਕਿ ਸੀਓਪੀਡੀ ਫੇਫੜਿਆਂ ਦੀ ਇੱਕ ਗੰਭੀਰ ਅਤੇ ਲੰਬੇ ਸਮੇਂ ਤੱਕ ਰਹਿਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਸੁੰਗੜ ਜਾਂਦੀਆਂ ਹਨ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਂਦੀ ਹੈ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਲਗਾਤਾਰ ਖੰਘ, ਬਲਗਮ ਆਉਣਾ, ਸਾਹ ਚੜ੍ਹਨਾ, ਛਾਤੀ ਵਿੱਚ ਜਕੜਨ ਅਤੇ ਥੋੜ੍ਹੀ ਜਿਹੀ ਸਰੀਰਕ ਮਿਹਨਤ ਕਰਨ ਨਾਲ ਸਾਹ ਫੁੱਲਣਾ ਸ਼ਾਮਲ ਹਨ। ਜੇਕਰ ਇਨ੍ਹਾਂ ਲੱਛਣਾਂ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਜਾਵੇ ਤਾਂ ਬਿਮਾਰੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਅਤੇ ਸਿਗਰਟ ਪੀਣਾ ਸੀਓਪੀਡੀ ਦਾ ਸਭ ਤੋਂ ਵੱਡਾ ਕਾਰਨ ਹੈ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ, ਧੂੜ-ਮਿੱਟੀ, ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ, ਵਾਹਨਾਂ ਦਾ ਪ੍ਰਦੂਸ਼ਣ ਅਤੇ ਘਰਾਂ ਵਿੱਚ ਬਾਲਣ ਦੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਵੀ ਇਸ ਬਿਮਾਰੀ ਦਾ ਖ਼ਤਰਾ ਵਧ ਜਾਂਦਾ ਹੈ।

ਸਿਵਲ ਸਰਜਨ ਨੇ ਕਿਹਾ ਕਿ ਸੀਓਪੀਡੀ ਤੋਂ ਬਚਾਅ ਲਈ ਸਿਗਰਟਨੋਸ਼ੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਪ੍ਰਦੂਸ਼ਣ ਅਤੇ ਧੂੜ-ਮਿੱਟੀ ਤੋਂ ਬਚਾਅ, ਸਾਫ਼-ਸੁਥਰਾ ਵਾਤਾਵਰਣ, ਸੰਤੁਲਿਤ ਖੁਰਾਕ ਅਤੇ ਨਿਯਮਿਤ ਸਰੀਰਕ ਕਸਰਤ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਲੰਬੇ ਸਮੇਂ ਤੋਂ ਖੰਘ, ਬਲਗਮ ਜਾਂ ਸਾਹ ਲੈਣ ਵਿੱਚ ਤਕਲੀਫ਼ ਰਹਿੰਦੀ ਹੈ, ਉਨ੍ਹਾਂ ਨੂੰ ਆਪਣੀ ਸਮੱਸਿਆ ਨੂੰ ਆਮ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਸਗੋਂ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲੈ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਮੇਂ ਸਿਰ ਜਾਂਚ, ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਅਤੇ ਇਨਹੇਲਰ ਦੀ ਸਹੀ ਵਰਤੋਂ ਨਾਲ ਬਿਮਾਰੀ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ ਅਤੇ ਮਰੀਜ਼ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ।

ਅੰਤ ਵਿੱਚ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤੰਬਾਕੂਨੋਸ਼ੀ ਤੋਂ ਦੂਰ ਰਹਿਣ, ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਰੱਖਣ ਅਤੇ ਸਾਹ ਸਬੰਧੀ ਸਮੱਸਿਆਵਾਂ ਹੋਣ ‘ਤੇ ਸਮੇਂ ਸਿਰ ਡਾਕਟਰੀ ਜਾਂਚ ਕਰਵਾਉਣ ਤਾਂ ਜੋ ਇਸ ਗੰਭੀਰ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ।

Scroll to Top