ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਕੀਤੀਆ ਗਈਆ ਡੇਂਗੂ ਜਾਗਰੂਕਤਾ ਗਤੀਵਿਧੀਆ
ਪਟਿਆਲਾ 7 ਸਤੰਬਰ – ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਹਸਪਤਾਲਾਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਅਮਰ ਹਸਪਤਾਲ, ਵਰਦਾਨ ਹਸਪਤਾਲ, ਏ.ਬੀ ਹਸਪਤਾਲ, ਸਦਭਾਵਨਾ ਹਸਪਤਾਲ, ਪਾਰਕ ਹਸਪਤਾਲ, ਸਰਕਾਰੀ ਆਯੁਰਵੇਦਿਕ ਹਸਪਤਾਲ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ।
ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।